Homeਪੰਜਾਬਅੰਮ੍ਰਿਤਸਰ ’ਚ ਜਾਇਦਾਦੀ ਵਿਵਾਦ, ਭੈਣ ਦੇ ਘਰ ਬਾਹਰ ਭਰਾ ਦੀ ਮੌਤ

ਅੰਮ੍ਰਿਤਸਰ ’ਚ ਜਾਇਦਾਦੀ ਵਿਵਾਦ, ਭੈਣ ਦੇ ਘਰ ਬਾਹਰ ਭਰਾ ਦੀ ਮੌਤ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਜਾਇਦਾਦੀ ਵਿਵਾਦ ਨਾਲ ਜੁੜਿਆ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਮਤੀਰਥ ਰੋਡ ਨੇੜੇ ਭੇਤਭਰੇ ਹਾਲਾਤਾਂ ਵਿੱਚ ਅੱਗ ਨਾਲ ਗੰਭੀਰ ਰੂਪ ਵਿੱਚ ਝੁਲਸੇ ਪਲਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਵੱਲੋਂ ਇਸ ਮਾਮਲੇ ਨੂੰ ਪੁਰਾਣੇ ਜਾਇਦਾਦੀ ਵਿਵਾਦ ਨਾਲ ਜੋੜਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਨੇ ਉਸ ਦੀ ਭੈਣ ਅਤੇ ਜੀਜੇ ’ਤੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

10 ਤੋਂ 15 ਸਾਲਾਂ ਤੋਂ ਚੱਲ ਰਿਹਾ ਸੀ ਜਾਇਦਾਦੀ ਵਿਵਾਦ

ਮ੍ਰਿਤਕ ਦੇ ਪੁੱਤਰ ਹਰਮਨਦੀਪ ਸਿੰਘ ਮੁਤਾਬਕ, ਉਨ੍ਹਾਂ ਦੇ ਦਾਦਾ ਸ਼ਾਮ ਸਿੰਘ ਦੀ ਜਾਇਦਾਦ ਨੂੰ ਲੈ ਕੇ ਉਨ੍ਹਾਂ ਦੀ ਭੂਆ ਸੁਮਨ ਬਾਲਾ ਅਤੇ ਫੁੱਫੜ ਪ੍ਰੇਮ ਸਿੰਘ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪਰਿਵਾਰ ਦਾ ਦਾਅਵਾ ਹੈ ਕਿ ਕਰੀਬ 10 ਤੋਂ 15 ਸਾਲਾਂ ਤੋਂ ਜਾਇਦਾਦ ਨੂੰ ਲੈ ਕੇ ਤਣਾਅ ਬਣਿਆ ਹੋਇਆ ਸੀ ਅਤੇ ਉਨ੍ਹਾਂ ’ਤੇ ਘਰ ਖਾਲੀ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ। ਇਹ ਮਾਮਲਾ ਕਥਿਤ ਤੌਰ ’ਤੇ ਅਦਾਲਤ ਤੱਕ ਵੀ ਪਹੁੰਚ ਚੁੱਕਾ ਸੀ।

ਘਰੋਂ ਪਾਠ ਕਰਨ ਲਈ ਨਿਕਲੇ ਸਨ ਪਲਵਿੰਦਰ

ਹਰਮਨਦੀਪ ਸਿੰਘ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਉਨ੍ਹਾਂ ਦੇ ਪਿਤਾ ਪਲਵਿੰਦਰ ਸਿੰਘ ਘਰੋਂ ਪਾਠ ਕਰਨ ਦੀ ਗੱਲ ਕਹਿ ਕੇ ਨਿਕਲੇ ਸਨ। ਕੁਝ ਸਮੇਂ ਬਾਅਦ ਪਰਿਵਾਰ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਕਿ ਰਾਮਤੀਰਥ ਰੋਡ ਨੇੜੇ ਪਲਵਿੰਦਰ ਸਿੰਘ ਅੱਗ ਨਾਲ ਗੰਭੀਰ ਰੂਪ ਵਿੱਚ ਝੁਲਸੇ ਹੋਏ ਹਨ। ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਪਲਵਿੰਦਰ ਸਿੰਘ ਨੂੰ 108 ਐਂਬੂਲੈਂਸ ਰਾਹੀਂ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ।

ਮੌਤ ਤੋਂ ਪਹਿਲਾਂ ਭੈਣ-ਜੀਜੇ ’ਤੇ ਲਗਾਏ ਦੋਸ਼

ਪਰਿਵਾਰ ਦਾ ਦਾਅਵਾ ਹੈ ਕਿ ਹਸਪਤਾਲ ਲਿਜਾਂਦੇ ਸਮੇਂ ਪਲਵਿੰਦਰ ਸਿੰਘ ਹੋਸ਼ ਵਿੱਚ ਸਨ ਅਤੇ ਉਨ੍ਹਾਂ ਨੇ ਆਪਣੀ ਹਾਲਤ ਲਈ ਆਪਣੀ ਭੈਣ ਸੁਮਨ ਬਾਲਾ ਅਤੇ ਜੀਜੇ ਪ੍ਰੇਮ ਸਿੰਘ ਨੂੰ ਜ਼ਿੰਮੇਵਾਰ ਦੱਸਿਆ। ਡਾਕਟਰਾਂ ਮੁਤਾਬਕ ਪਲਵਿੰਦਰ ਸਿੰਘ ਦਾ ਸਰੀਰ ਕਰੀਬ 70 ਤੋਂ 80 ਫੀਸਦੀ ਤੱਕ ਝੁਲਸ ਗਿਆ ਸੀ। ਗੰਭੀਰ ਹਾਲਤ ਦੇ ਚੱਲਦਿਆਂ ਉਨ੍ਹਾਂ ਨੂੰ ਬਾਅਦ ਵਿੱਚ ਭੱਲਾ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਪੁਲਿਸ ਨੇ ਮਾਮਲਾ ਦਰਜ ਕਰਕੇ ਸ਼ੁਰੂ ਕੀਤੀ ਜਾਂਚ

ਪਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਥਾਣਾ ਛੇਹਰਟਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਨਸਾਫ਼ ਦੀ ਮੰਗ ਕੀਤੀ। ਪੁਲਿਸ ਅਧਿਕਾਰੀ ਰਾਜਬੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਮ੍ਰਿਤਕ ਦੀ ਭੈਣ ਅਤੇ ਜੀਜੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਘਟਨਾ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਘਟਨਾ ਦੀਆਂ ਅਸਲ ਹਾਲਾਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments