ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਤਿੰਨ ਸ਼ਹਿਰਾਂ ਵਿੱਚ 28 ਨਵੰਬਰ, ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦਿਨ ਪਟਿਆਲਾ ਨਗਰ ਨਿਗਮ ਦੇ ਨਾਲ-ਨਾਲ ਬਾਘਾ ਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਅਧੀਨ ਆਉਂਦੇ ਇਲਾਕਿਆਂ ਵਿੱਚ ਛੁੱਟੀ ਰਹੇਗੀ।
ਜਾਣਕਾਰੀ ਅਨੁਸਾਰ, ਪਟਿਆਲਾ ਦੇ 30 ਵਾਰਡਾਂ, ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਧਰਮਕੋਟ ਦੇ 7 ਵਾਰਡਾਂ ਵਿੱਚ ਆਮ ਅਤੇ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਇਸੇ ਕਾਰਨ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਮੌਕਾ ਦੇਣ ਲਈ ਸਰਕਾਰ ਨੇ ਛੁੱਟੀ ਦਾ ਫੈਸਲਾ ਕੀਤਾ ਹੈ।
ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਵੀ ਲਾਗੂ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਯੋਗ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਲੈਣ ਦੀ ਸਹੂਲਤ ਦਿੱਤੀ ਗਈ ਹੈ।
ਇਸ ਸਹੂਲਤ ਦਾ ਲਾਭ ਲੈਣ ਲਈ ਕਰਮਚਾਰੀਆਂ ਨੂੰ ਆਪਣਾ ਵੋਟਰ ਕਾਰਡ ਸਮਰੱਥ ਅਧਿਕਾਰੀ ਕੋਲ ਪੇਸ਼ ਕਰਨਾ ਪਵੇਗਾ। ਖ਼ਾਸ ਗੱਲ ਇਹ ਹੈ ਕਿ ਵੋਟ ਪਾਉਣ ਲਈ ਮਿਲਣ ਵਾਲੀ ਇਹ ਛੁੱਟੀ ਕਰਮਚਾਰੀਆਂ ਦੇ ਆਮ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।










