ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੇ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦੇ ਸਮੇਂ ਜ਼ੋਰਦਾਰ ਹੰਗਾਮਾ ਹੋ ਗਿਆ , ਜਿਸ ਤੋਂ ਬਾਅਦ ਕਾਂਗਰਸ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ । ਸਦਨ ਦੇ ਅੰਦਰ ਵਿਰੋਧੀ ਧਿਰ ਨੇ ਸਰਕਾਰ ਨੂੰ ਨਸ਼ੇ , ਮਾਈਨਿੰਗ ਅਤੇ ਗੈਂਗਸਟਰਵਾਦ ਦੇ ਮੁੱਦੇ ਨੂੰ ਲੈ ਕੇ ਘੇਰਿਆ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੈਰ-ਕਾਨੂੰਨੀ ਮਾਈਨਿੰਗ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮੁੱਦੇ ‘ਤੇ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਇਸ ਤੋਂ ਬਾਅਦ ਬੇਅਦਬੀ ਮਾਮਲਿਆਂ ਦਾ ਮੁੱਦਾ ਵੀ ਉਠਾਇਆ ਗਿਆ । ਇਸ ‘ਤੇ ਬੋਲਦੇ ਹੋਏ ਬਾਜਵਾ ਨੇ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਇਸ ਸੈਸ਼ਨ ਦੌਰਾਨ, ਕਾਂਗਰਸੀ ਵਿਧਾਇਕਾਂ ਨੇ ਵੈੱਲ ਵਿੱਚ ਹੰਗਾਮਾ ਕੀਤਾ ਅਤੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ, ਕਾਂਗਰਸੀ ਆਗੂਆਂ ਨੇ ਵਿਰੋਧ ਵਿੱਚ ਵਾਕਆਊਟ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਜਨਤਕ ਮੁੱਦੇ ਉਠਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਬੋਲਣ ਦਾ ਢੁਕਵਾਂ ਮੌਕਾ ਨਹੀਂ ਦਿੱਤਾ ਗਿਆ।
