Homeਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਵਸਨੀਕਾਂ ਲਈ ਲਗਭਗ 350 ਕਰੋੜ ਰੁਪਏ ਦੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

ਪਵਿੱਤਰ ਸ਼ਹਿਰ ਨੂੰ ਨਮਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਕੁੱਲ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ ‘ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ 287.01 ਕਰੋੜ ਰੁਪਏ ਸੜਕੀ ਨੈੱਟਵਰਕ ਨੂੰ ਅਪਗ੍ਰੇਡ ਕਰਨ ‘ਤੇ ਅਤੇ 3.20 ਕਰੋੜ ਰੁਪਏ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ ‘ਤੇ ਖਰਚ ਕੀਤੇ ਗਏ ਹਨ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਾਈਆਂ ਗਈਆਂ ਹਨ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 64,878 ਕਿਲੋਮੀਟਰ ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਮੁਰੰਮਤ ਹੁਣ ਤੱਕ ਹਰ ਛੇ ਸਾਲਾਂ ਬਾਅਦ ਕੀਤੀ ਜਾ ਰਹੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਸ ਯੋਜਨਾ ਵਿੱਚ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦੀ ਦੇਖਭਾਲ ਨੂੰ ਵੀ ਸ਼ਾਮਲ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਛੇ ਨਵੀਆਂ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਦੋ ਮੌਜੂਦਾ ਲਾਇਬ੍ਰੇਰੀਆਂ, ਜਿਨ੍ਹਾਂ ਵਿੱਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀ.ਸੀ ਦਫ਼ਤਰ ਲਾਇਬ੍ਰੇਰੀ ਸ਼ਾਮਲ ਹੈ, ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਵਿਧਾਨ ਸਭਾ ਹਲਕਿਆਂ ਵਿੱਚ ਇੱਕ-ਇੱਕ ਨਵੀਂ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ, ਹਰੇਕ ਲਾਇਬ੍ਰੇਰੀ ਦੀ ਲਾਗਤ 64 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਲਾਇਬ੍ਰੇਰੀਆਂ ਕੰਪਿਊਟਰ, ਇੰਟਰਨੈੱਟ, ਉੱਚ ਗੁਣਵੱਤਾ ਵਾਲੇ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਲਈ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਮੀਦ ਦੀ ਇੱਕ ਨਵੀਂ ਕਿਰਨ ਬਣਨਗੀਆਂ ਕਿਉਂਕਿ ਹੁਣ ਵਿਦਿਆਰਥੀ ਇਨ੍ਹਾਂ ਕਿਤਾਬਾਂ ਰਾਹੀਂ ਵਿਸ਼ਵ ਪੱਧਰੀ ਗਿਆਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments