ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਲਗਾਏ ਗਏ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇੱਕ ਮਾਮਲੇ ਨੂੰ ਦਬਾਉਣ ਦੇ ਬਦਲੇ ਵੱਡੀ ਰਕਮ ਮੰਗਣ ਦੇ ਦੋਸ਼ਾਂ ਤੋਂ ਬਾਅਦ ਉਹ ਪਹਿਲੀ ਵਾਰ ਕੈਮਰੇ ਸਾਹਮਣੇ ਆਈ ਅਤੇ ਆਪਣਾ ਪੱਖ ਰੱਖਿਆ।
ਡਾ. ਗੁਰਪ੍ਰੀਤ ਕੌਰ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਕਥਿਤ ਤੌਰ ‘ਤੇ ਬਲਾਤਕਾਰ ਦੇ ਇੱਕ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਦਿਆਂ ਕਿਹਾ ਕਿ ਜੇਕਰ ਕਿਸੇ ਕੋਲ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਹੈ ਤਾਂ ਉਹ ਸਾਹਮਣੇ ਲਿਆਂਦਾ ਜਾਵੇ।
ਕੈਮਰੇ ਸਾਹਮਣੇ ਆਪਣੀ ਗੱਲ ਰੱਖਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਦੋਸ਼ਾਂ ਤੋਂ ਡਰਨ ਵਾਲੀ ਨਹੀਂ ਹਨ। ਉਨ੍ਹਾਂ ਨੇ ਦੋਸ਼ ਲਗਾਉਣ ਵਾਲਿਆਂ ਨੂੰ ਇਨ੍ਹਾਂ ਇਲਜ਼ਾਮਾਂ ਨੂੰ ਸਬੂਤਾਂ ਨਾਲ ਸਾਬਤ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਸਬੂਤਾਂ ਦੇ ਕਿਸੇ ਵਿਅਕਤੀ ‘ਤੇ ਗੰਭੀਰ ਦੋਸ਼ ਲਗਾਉਣਾ ਉਸਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੇ ਬਰਾਬਰ ਹੈ।
ਜਾਣਕਾਰੀ ਮੁਤਾਬਕ ਡਾ. ਗੁਰਪ੍ਰੀਤ ਕੌਰ ਪਹਿਲਾਂ ਹੀ ਇੱਕ ਸੇਵਾਮੁਕਤ ਜੱਜ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜ ਚੁੱਕੀ ਹੈ। ਇਸ ਕਦਮ ਤੋਂ ਬਾਅਦ ਮਾਮਲਾ ਹੋਰ ਵੀ ਚਰਚਾ ਵਿੱਚ ਆ ਗਿਆ ਹੈ। ਮਾਣਹਾਨੀ ਨੋਟਿਸ ਰਾਹੀਂ ਕਥਿਤ ਤੌਰ ‘ਤੇ ਉਨ੍ਹਾਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਵਾਪਸ ਲੈਣ ਅਤੇ ਆਪਣੀ ਗੱਲ ਸਪਸ਼ਟ ਕਰਨ ਦੀ ਮੰਗ ਕੀਤੀ ਗਈ ਹੈ।











