ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਤੇਜ਼ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪੰਜਾਬ ਇਕਾਈ ਲਈ ਵੱਖ-ਵੱਖ ਚੋਣ ਕਮੇਟੀਆਂ ਅਤੇ ਅਹਿਮ ਅਹੁਦਿਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੂਬੇ ਵਿੱਚ ਆਪਣੀ ਸੰਗਠਨਾਤਮਕ ਮਜ਼ਬੂਤੀ ਅਤੇ ਚੋਣੀ ਰਣਨੀਤੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਸੀਨੀਅਰ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਕਾਂਗਰਸ ਹਾਈਕਮਾਂਡ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਇਸ ਫ਼ੈਸਲੇ ਨੂੰ ਪਾਰਟੀ ਵੱਲੋਂ ਸੂਬੇ ਵਿੱਚ ਸੰਗਠਨਾਤਮਕ ਸਥਿਰਤਾ ਕਾਇਮ ਰੱਖਣ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ। ਇਸਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਵਿਧਾਇਕ ਦਲ (CLP) ਦੇ ਨੇਤਾ ਵਜੋਂ ਬਰਕਰਾਰ ਰਹਿਣਗੇ।
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ (ਪ੍ਰਚਾਰ) ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੂੰ ਉਮੀਦ ਹੈ ਕਿ ਚੰਨੀ ਦਾ ਜਨ ਆਧਾਰ ਅਤੇ ਤਜਰਬਾ ਚੋਣੀ ਮੁਹਿੰਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਤੋਂ ਇਲਾਵਾ, ਵਿਜੇ ਇੰਦਰ ਸਿੰਗਲਾ ਨੂੰ ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਮੇਟੀ ਚੋਣੀ ਰਣਨੀਤੀ, ਉਮੀਦਵਾਰਾਂ ਦੇ ਤਾਲਮੇਲ ਅਤੇ ਪ੍ਰਚਾਰ ਪ੍ਰਬੰਧਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉੱਧਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ, ਜੋ ਪਾਰਟੀ ਦੇ ਮੁੱਖ ਫ਼ੈਸਲਿਆਂ ਅਤੇ ਰਣਨੀਤਕ ਮਸਲਿਆਂ ‘ਤੇ ਕੰਮ ਕਰੇਗੀ।
ਪਾਰਟੀ ਨੇ ਸੀਨੀਅਰ ਆਗੂ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਹ ਕਮੇਟੀ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰੇਗੀ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਨੀਤੀ ਦਸਤਾਵੇਜ਼ ਵਿੱਚ ਸ਼ਾਮਲ ਕਰੇਗੀ।
ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਕਾਂਗਰਸ ਨੇ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਤਜਰਬੇਕਾਰ ਅਤੇ ਜਨ ਆਧਾਰ ਵਾਲੇ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਦੇ ਕੇ ਇੱਕ ਸੰਤੁਲਿਤ ਟੀਮ ਤਿਆਰ ਕੀਤੀ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕੀਤਾ ਜਾਵੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇੱਕ ਮਜ਼ਬੂਤ ਚੁਣੌਤੀ ਪੇਸ਼ ਕੀਤੀ ਜਾਵੇ।
ਇਨ੍ਹਾਂ ਨਿਯੁਕਤੀਆਂ ਦੇ ਨਾਲ ਪੰਜਾਬ ਕਾਂਗਰਸ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ 2027 ਦੀ ਚੋਣੀ ਜੰਗ ਲਈ ਹੁਣੇ ਤੋਂ ਹੀ ਪੂਰੀ ਤਿਆਰੀ ਵਿੱਚ ਜੁੱਟ ਗਈ ਹੈ।
