ਚੰਡੀਗੜ੍ਹ: ਪੰਜਾਬ ਵਿੱਚ ਜੂਨ ਮਹੀਨੇ ਦੌਰਾਨ ਜਿੱਥੇ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਉੱਥੇ ਹੀ ਸਰਕਾਰੀ ਮੁਲਾਜ਼ਮਾਂ ਨੂੰ ਵੀ ਵਾਧੂ ਛੁੱਟੀਆਂ ਮਿਲਣ ਜਾ ਰਹੀਆਂ ਹਨ। ਪੰਜਾਬ ਸਰਕਾਰ ਨੇ 18 ਜੂਨ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਹੈ ।
ਇਹ ਛੁੱਟੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਐਲਾਨੀ ਗਈ ਹੈ। ਇਸ ਮੌਕੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਅਦਾਰੇ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਵਰਣਨਯੋਗ ਹੈ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਉਨ੍ਹਾਂ ਨੂੰ ‘ਸ਼ਹੀਦਾਂ ਦੇ ਸਰਤਾਜ’ ਵਜੋਂ ਵੀ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਸੰਦੇਸ਼ ਦਿੱਤਾ। 18 ਜੂਨ ਨੂੰ ਐਲਾਨੀ ਇਸ ਛੁੱਟੀ ਕਾਰਨ ਸੂਬੇ ਭਰ ਦੇ ਸਰਕਾਰੀ ਅਦਾਰਿਆਂ ਵਿੱਚ ਕੰਮਕਾਜ ਬੰਦ ਰਹੇਗਾ।
