ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਜਨਰਲ ਤਬਾਦਲਿਆਂ ਅਤੇ ਨਿਯੁਕਤੀਆਂ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਰਾਜ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ 30 ਜੂਨ, 2026 ਤੱਕ ਆਮ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਜਾ ਸਕਦੀਆਂ ਹਨ।
ਪ੍ਰਸੋਨਲ ਵਿਭਾਗ ਦੀ ਪ੍ਰਸੋਨਲ ਪਾਲਿਸੀ-2 ਸ਼ਾਖਾ ਵੱਲੋਂ ਜਾਰੀ ਇੱਕ ਪੱਤਰ ਵਿੱਚ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼.) ਅਤੇ ਰਾਜ ਦੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਹਿਲਾਂ ਆਮ ਤਬਾਦਲਿਆਂ ਅਤੇ ਨਿਯੁਕਤੀਆਂ ਦੀ ਮਿਆਦ 15 ਅਪ੍ਰੈਲ 2026 ਤੋਂ 14 ਜੂਨ 2026 ਤੱਕ ਨਿਸ਼ਚਿਤ ਕੀਤੀ ਗਈ ਸੀ, ਹੁਣ ਆਖਰੀ ਮਿਤੀ 16 ਦਿਨ ਵਧਾ ਕੇ 30 ਜੂਨ, 2026 ਕਰ ਦਿੱਤੀ ਗਈ ਹੈ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ 30 ਜੂਨ, 2026 ਤੋਂ ਬਾਅਦ ਆਮ ਤਬਾਦਲਿਆਂ ‘ਤੇ ਮੁਕੰਮਲ ਪਾਬੰਦੀ ਲਾਗੂ ਹੋਵੇਗੀ। ਇਸ ਤੋਂ ਬਾਅਦ, ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਤਬਾਦਲਾ ਜਾਂ ਨਿਯੁਕਤੀ ਪ੍ਰਸੋਨਲ ਵਿਭਾਗ ਦੁਆਰਾ 23 ਅਪ੍ਰੈਲ, 2018 ਨੂੰ ਜਾਰੀ ਕੀਤੀ ਗਈ ਤਬਾਦਲਾ ਨੀਤੀ ਦੇ ਉਪਬੰਧਾਂ ਦੇ ਤਹਿਤ ਹੀ ਕੀਤੀ ਜਾ ਸਕਦੀ ਹੈ।
ਪ੍ਰਸੋਨਲ ਵਿਭਾਗ ਨੇ ਸਾਰੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੇ ਤਬਾਦਲੇ ਸਬੰਧੀ ਕੋਈ ਪ੍ਰਸਤਾਵ ਪੈਂਡਿੰਗ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਸਰਕਾਰ ਦੇ ਇਸ ਫ਼ੈਸਲੇ ਨਾਲ ਵੱਖ-ਵੱਖ ਵਿਭਾਗਾਂ ‘ਚ ਲੰਬੇ ਸਮੇਂ ਤੋਂ ਲਟਕ ਰਹੇ ਤਬਾਦਲਿਆਂ ਨੂੰ ਅੰਤਿਮ ਰੂਪ ਦੇਣ ਦਾ ਮੌਕਾ ਮਿਲੇਗਾ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ ਅਤੇ ਪੂਰੇ ਸੂਬੇ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।












