ਪਟਿਆਲਾ : ਸੂਬੇ ਦੇ ਲੋਕਾਂ ਨੂੰ ਸਭ ਤੋਂ ਵਧੀਆ ਸੜਕੀ ਨੈੱਟਵਰਕ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੀਤੇ ਦਿਨ ਪਟਿਆਲਾ-ਸਨੌਰ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਹ ਉਦਘਾਟਨ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਰਾਧਾ ਸਵਾਮੀ ਸਤਿਸੰਗ ਘਰ ਨੇੜੇ ਨੀਂਹ ਪੱਥਰ ਰੱਖ ਕੇ ਕੀਤਾ। ਇਸ ਮੌਕੇ ਪਟਿਆਲਾ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਟਿਆਲਾ-ਸਨੌਰ ਸੜਕ ਦੀ ਕੁੱਲ ਲੰਬਾਈ ਲਗਭਗ 4 ਕਿਲੋਮੀਟਰ ਹੈ, ਜੋ ਇਲਾਕੇ ਦੇ ਕਈ ਪਿੰਡਾਂ ਅਤੇ ਕਸਬਿਆਂ ਨੂੰ ਪਟਿਆਲਾ ਸ਼ਹਿਰ ਨਾਲ ਜੋੜਦੀ ਹੈ। ਇਸ ਨਾਲ ਇਸ ਖੇਤਰ ਦੇ ਫਲ ਅਤੇ ਸਬਜ਼ੀਆਂ ਉਤਪਾਦਕ ਕਿਸਾਨਾਂ ਨੂੰ ਸਭ ਤੋਂ ਵੱਧ ਲਾਭ ਹੋਵੇਗਾ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਆਵਾਜਾਈ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਰਹੀ ਹੈ, ਸਗੋਂ ਸੱਭਿਆਚਾਰਕ ਅਤੇ ਧਾਰਮਿਕ ਸਥਾਨਾਂ ਦੀ ਦੇਖਭਾਲ ਅਤੇ ਸੁਧਾਰ ਵੀ ਕਰ ਰਹੀ ਹੈ। ਇਸ ਤਹਿਤ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਦਾ ਸੁੰਦਰੀਕਰਨ, ਆਲੇ ਦੁਆਲੇ ਦੀ ਸਫਾਈ ਅਤੇ ਸ਼ਹਿਰ ਦੇ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੀ ਕਿ ਪੰਜਾਬ ਦੀ ਕਿਸੇ ਵੀ ਸੜਕ ਦੀ ਹਾਲਤ ਮਾੜੀ ਨਾ ਹੋਵੇ। ਇਸ ਸਬੰਧੀ ਇਸ ਸੜਕ ਦੇ ਨਿਰਮਾਣ ਲਈ 348.70 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਇਹ ਕੰਮ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੂਰਾ ਹੋ ਜਾਵੇਗਾ।
