Home ਪੰਜਾਬ ਪੰਜਾਬ ਸਰਕਾਰ ਦੀ ਵਿਆਹ ਸਹਾਇਤਾ ਸਕੀਮ, ਜਾਣੋ ਕੌਣ ਲੈ ਸਕਦਾ ਹੈ ਲਾਭ

ਪੰਜਾਬ ਸਰਕਾਰ ਦੀ ਵਿਆਹ ਸਹਾਇਤਾ ਸਕੀਮ, ਜਾਣੋ ਕੌਣ ਲੈ ਸਕਦਾ ਹੈ ਲਾਭ

0

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ।

ਮੰਤਰੀ ਮੁਤਾਬਕ, ਇਸ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦਿੱਤੇ ਜਾਂਦੇ ਹਨ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ।

ਅਨੁਸੂਚਿਤ ਜਾਤੀਆਂ ਸਮੇਤ ਹੋਰ ਵਰਗਾਂ ਨੂੰ ਮਿਲੀ ਸਹਾਇਤਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਅਤੇ ਪੱਛੜੀਆਂ ਸ਼੍ਰੇਣੀਆਂ ਦੇ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਵਰਗ ਦੇ 9,183 ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ 4,342 ਹੋਰ ਲਾਭਪਾਤਰੀਆਂ ਦੇ ਮਾਮਲਿਆਂ ਵਿੱਚ ਸਹਾਇਤਾ ਜਾਰੀ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਜਾਂਦੀ ਹੈ ਰਕਮ

ਕੈਬਨਿਟ ਮੰਤਰੀ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਇਸ ਨਾਲ ਭੁਗਤਾਨ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਵਿਭਾਗੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਦੀ ਜਾਂਚ ਅਤੇ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ, ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਇਸ ਸਹਾਇਤਾ ਤੋਂ ਵਾਂਝਾ ਨਾ ਰਹੇ।

NO COMMENTS

LEAVE A REPLY

Please enter your comment!
Please enter your name here

Exit mobile version