ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ਨਾਲ ਸਬੰਧਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਬੈਠਕ ਦੁਪਹਿਰ 12 ਵਜੇ ਹੋਵੇਗੀ, ਜਿਸ ਵਿੱਚ ਐਕਟ ਦੀਆਂ ਵੱਖ-ਵੱਖ ਵਿਵਸਥਾਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਐਕਟ ਦੀ ਸਮੀਖਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਪੈਨਲ ਨਾਲ ਤਾਲਮੇਲ ਕਰਨ ਦੇ ਤਰੀਕਿਆਂ ਬਾਰੇ ਵੀ ਚਰਚਾ ਹੋਵੇਗੀ। ਸਰਕਾਰ ਮੁਤਾਬਕ ਇਸ ਪ੍ਰਕਿਰਿਆ ਦਾ ਉਦੇਸ਼ ਕਾਨੂੰਨ ਦੀ ਮੂਲ ਭਾਵਨਾ ਅਤੇ ਪਵਿੱਤਰਤਾ ਦਾ ਸਤਿਕਾਰ ਕਰਦਿਆਂ ਵੱਖ-ਵੱਖ ਸੁਝਾਵਾਂ ’ਤੇ ਵਿਚਾਰ ਕਰਨਾ ਹੈ।
ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈਪੀਐਸ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕਮੇਟੀ ਨਾਲ ਮੀਟਿੰਗ ਕਰਕੇ ਕਾਨੂੰਨ ਦੀਆਂ ਮੱਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੈਨਲ ਨਾਲ ਤਾਲਮੇਲ ਬਾਰੇ ਚਰਚਾ ਕੀਤੀ ਸੀ। ਸਰਕਾਰ ਦੇ ਬਿਆਨ ਮੁਤਾਬਕ, 6 ਅਕਤੂਬਰ ਦੀ ਬੈਠਕ ਵਿੱਚ ਕਮੇਟੀ ਮਾਮਲੇ ਦੀ ਵਿਆਪਕ ਸਮੀਖਿਆ ਕਰੇਗੀ ਅਤੇ ਸਬੰਧਤ ਧਿਰਾਂ ਦੇ ਸੁਝਾਵਾਂ ’ਤੇ ਵਿਚਾਰ ਕਰਕੇ ਅਗਲੀ ਪ੍ਰਕਿਰਿਆ ਬਾਰੇ ਚਰਚਾ ਕਰੇਗੀ।










