ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਐਤਵਾਰ ਸਵੇਰੇ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਏ.ਐਸ.ਆਈ. ‘ਤੇ ਤਾਬੜਤੋੜ ਫਾਇਰਿੰਗ ਕੀਤੀ, ਜਿਸ ਦੌਰਾਨ ਉਸ ਨੂੰ ਦੋ ਗੋਲੀਆਂ ਲੱਗੀਆਂ। ਇੱਕ ਗੋਲੀ ਉਸਦੇ ਮੋਢੇ ‘ਤੇ ਅਤੇ ਦੂਜੀ ਕਮਰ ‘ਤੇ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਏ.ਐਸ.ਆਈ. ਗੁਰਦਾਸਪੁਰ ਤੋਂ ਅੰਮ੍ਰਿਤਸਰ ਡਿਊਟੀ ਲਈ ਜਾ ਰਿਹਾ ਸੀ। ਉਹ ਮਜੀਠਾ ਰਾਹੀਂ ਅੰਮ੍ਰਿਤਸਰ ਪਹੁੰਚਣਾ ਸੀ, ਪਰ ਰਸਤੇ ਵਿੱਚ ਉਸਦੀ ਕਾਰ ਦਾ ਟਾਇਰ ਪੰਚਰ ਹੋ ਗਿਆ। ਇਸ ਤੋਂ ਬਾਅਦ ਉਸ ਨੇ ਆਪਣਾ ਸਕੂਟਰ ਲਿਆ ਅਤੇ ਡਿਊਟੀ ਲਈ ਰਵਾਨਾ ਹੋ ਗਿਆ। ਜਦੋਂ ਉਹ ਰਸਤੇ ਵਿੱਚ ਪਹੁੰਚਿਆ ਤਾਂ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ਤੋਂ ਗੋਲੀਆਂ ਦੇ ਖੋਲ ਅਤੇ ਹੋਰ ਸਬੂਤ ਇਕੱਠੇ ਕੀਤੇ ਗਏ ਹਨ।
ਪੁਲਿਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਮਲਾਵਰਾਂ ਦੀ ਪਹਿਚਾਣ ਕੀਤੀ ਜਾ ਸਕੇ। ਜਾਂਚ ਵਿੱਚ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਹਮਲਾਵਰ ਪਹਿਲਾਂ ਤੋਂ ਹੀ ਏ.ਐਸ.ਆਈ. ਦੀ ਰੇਕੀ ਕਰ ਰਹੇ ਸਨ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਕਿਸੇ ਵੀ ਸ਼ੱਕੀ ਦੀ ਪੁਸ਼ਟੀ ਨਹੀਂ ਕੀਤੀ ਗਈ।
ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਵੀ ਚਿੰਤਾ ਦਾ ਮਾਹੌਲ ਹੈ। ਦਿਨ ਦਿਹਾੜੇ ਇੱਕ ਪੁਲਿਸ ਅਧਿਕਾਰੀ ਦੀ ਹੱਤਿਆ ਨੇ ਕਾਨੂੰਨ-ਵਿਵਸਥਾ ‘ਤੇ ਵੀ ਸਵਾਲ ਖੜੇ ਕਰ ਦਿੱਤੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਲਾਕੇ ਦੇ ਲੋਕਾਂ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਕਈ ਟੀਮਾਂ ਬਣਾਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਵੱਡਾ ਖੁਲਾਸਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।












