ਪੰਜਾਬ ਪੰਜਾਬੀ ਅਦਾਕਾਰ ਮਹਾਬੀਰ ਭੁੱਲਰ ਨੇ ਤਰਨਤਾਰਨ ‘ਚ ਵੋਟਰਾਂ ਨੂੰ ਕੀਤਾ ਜਾਗਰੂਕ By Maninder Jeet Purewal - August 24, 2026 0 FacebookTwitterPinterestWhatsApp ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀ ਸੁਧਾਈ ਅਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (SVEEP) ਦੇ ਜ਼ਿਲ੍ਹਾ ਆਈਕਨ ਅਤੇ ਪ੍ਰਸਿੱਧ ਪੰਜਾਬੀ ਅਦਾਕਾਰ ਮਹਾਬੀਰ ਭੁੱਲਰ ਨੇ ਹਿੱਸਾ ਲੈ ਕੇ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ। ਮੁਹਿੰਮ ਦੌਰਾਨ ਮਹਾਬੀਰ ਭੁੱਲਰ ਨੇ ਖਾਸ ਤੌਰ ’ਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦਾ ਮਹੱਤਵਪੂਰਨ ਲੋਕਤੰਤਰੀ ਅਧਿਕਾਰ ਹੋਣ ਦੇ ਨਾਲ-ਨਾਲ ਜ਼ਿੰਮੇਵਾਰੀ ਵੀ ਹੈ। ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅਦਾਕਾਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਅਤੇ ਹਾਲੇ ਤੱਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਉਹ ਨਿਰਧਾਰਤ ਪ੍ਰਕਿਰਿਆ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਜਾਣਕਾਰੀ ਦੇਣ ਅਤੇ ਜਾਗਰੂਕ ਕਰਨ। ਮਹਾਬੀਰ ਭੁੱਲਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਵੋਟ ਦੀ ਆਪਣੀ ਮਹੱਤਤਾ ਹੁੰਦੀ ਹੈ। ਨਾਗਰਿਕਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗੀਦਾਰੀ ਨਾਲ ਲੋਕਤੰਤਰ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਲੋਕਤੰਤਰੀ ਫਰਜ਼ਾਂ ਪ੍ਰਤੀ ਸੁਚੇਤ ਰਹਿਣ ਅਤੇ ਚੋਣਾਂ ਦੌਰਾਨ ਜ਼ਿੰਮੇਵਾਰੀ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।