Homeਪੰਜਾਬਅੰਮ੍ਰਿਤਪਾਲ ਦੀ ਪਾਰਟੀ 'ਵਾਰਿਸ ਪੰਜਾਬ ਦੇ 'ਚ ਪੰਜਾਬੀ ਅਦਾਕਾਰ ਰੱਬੀ ਕੰਦੋਲਾ ਦੀ...

ਅੰਮ੍ਰਿਤਪਾਲ ਦੀ ਪਾਰਟੀ ‘ਵਾਰਿਸ ਪੰਜਾਬ ਦੇ ‘ਚ ਪੰਜਾਬੀ ਅਦਾਕਾਰ ਰੱਬੀ ਕੰਦੋਲਾ ਦੀ ਐਂਟਰੀ, ਕਿਹਾ- ਨੌਜਵਾਨਾਂ ਲਈ ਆਇਆ ਹਾਂ

ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਸਿਆਸੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਵੇਲੇ ਨਵਾਂ ਚਿਹਰਾ ਮਿਲੀਆ, ਜਦੋਂ ਪੰਜਾਬੀ ਫਿਲਮਾਂ ਅਤੇ ਸੰਗੀਤ ਜਗਤ ਨਾਲ ਸੰਬੰਧਤ ਅਦਾਕਾਰ ਰੱਬੀ ਕੰਦੋਲਾ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਦੇ ਸੈਕਟਰ-27 ਸਥਿਤ ਪ੍ਰੈਸ ਕਲੱਬ ਵਿੱਚ ਆਯੋਜਿਤ ਸਮਾਗਮ ਦੌਰਾਨ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ।

ਰੱਬੀ ਕੰਦੋਲਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਕਿ ਉਹ ਸਿਰਫ਼ ਰਾਜਨੀਤੀ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਬਣਨ ਅਤੇ ਸਮਾਜ ਦੀ ਸੇਵਾ ਕਰਨ ਦੇ ਮਕਸਦ ਨਾਲ ਇਸ ਸਫ਼ਰ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਕਲਾਕਾਰ ਹੋਣ ਦੇ ਨਾਤੇ ਉਹ ਲੋਕਾਂ ਦੇ ਪਿਆਰ ਨਾਲ ਇੱਥੇ ਤੱਕ ਪਹੁੰਚੇ ਹਨ ਅਤੇ ਹੁਣ ਉਹ ਇਸ ਭਰੋਸੇ ਨੂੰ ਲੋਕ ਭਲਾਈ ਦੇ ਕੰਮਾਂ ਵਿੱਚ ਬਦਲਣਾ ਚਾਹੁੰਦੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਦੇਸ਼ਾਂ ਵੱਲ ਹੋ ਰਹੇ ਪਲਾਇਨ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਮੁੱਦਿਆਂ ਦੇ ਹੱਲ ਲਈ ਸਿਆਸੀ ਅਤੇ ਸਮਾਜਿਕ ਪੱਧਰ ‘ਤੇ ਇਮਾਨਦਾਰ ਕੋਸ਼ਿਸ਼ਾਂ ਦੀ ਲੋੜ ਹੈ। ਰੱਬੀ ਕੰਦੋਲਾ ਨੇ ਕਿਹਾ ਕਿ ਉਹ ਆਪਣੇ ਗੀਤਾਂ ਅਤੇ ਫਿਲਮਾਂ ਰਾਹੀਂ ਹਮੇਸ਼ਾ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੇ ਰਹੇ ਹਨ ਅਤੇ ਹੁਣ ਸਮਾਜਿਕ ਬਦਲਾਅ ਲਈ ਸਰਗਰਮ ਭੂਮਿਕਾ ਨਿਭਾਉਣਗੇ।

ਪਾਰਟੀ ਆਗੂਆਂ ਨੇ ਕਿਹਾ ਕਿ ਰੱਬੀ ਕੰਦੋਲਾ ਵਰਗੇ ਨੌਜਵਾਨ ਅਤੇ ਲੋਕਪ੍ਰਿਯ ਚਿਹਰਿਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨ ਵਰਗ ਨਾਲ ਸਿੱਧਾ ਸੰਪਰਕ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦਾ ਦਾਅਵਾ ਸੀ ਕਿ ਪਾਰਟੀ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ ਅਤੇ ਪੰਜਾਬੀ ਪਛਾਣ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਂਦੀ ਰਹੇਗੀ।

ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਮਨੋਰੰਜਨ ਜਗਤ ਨਾਲ ਜੁੜੇ ਚਿਹਰਿਆਂ ਦਾ ਰਾਜਨੀਤੀ ਵਿੱਚ ਆਉਣਾ ਕੋਈ ਨਵੀਂ ਗੱਲ ਨਹੀਂ, ਪਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਵਿੱਚ ਅਜਿਹੀਆਂ ਐਂਟਰੀਆਂ ਨੂੰ ਖਾਸ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ। ਇਹ ਵੀ ਦੇਖਣਾ ਦਿਲਚਸਪ ਹੋਵੇਗਾ ਕਿ ਰੱਬੀ ਕੰਦੋਲਾ ਦੀ ਇਹ ਸਿਆਸੀ ਪਾਰੀ ਪਾਰਟੀ ਲਈ ਕਿੰਨੀ ਲਾਭਦਾਇਕ ਸਾਬਤ ਹੁੰਦੀ ਹੈ ਅਤੇ ਉਹ ਨੌਜਵਾਨਾਂ ਵਿੱਚ ਕਿੰਨਾ ਪ੍ਰਭਾਵ ਛੱਡ ਸਕਦੇ ਹਨ।

ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹੋਰ ਨਵੇਂ ਚਿਹਰਿਆਂ ਨੂੰ ਪਾਰਟੀ ਨਾਲ ਜੋੜਨ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਦੇ ਭਵਿੱਖ ਲਈ ਵੱਖ-ਵੱਖ ਖੇਤਰਾਂ ਨਾਲ ਜੁੜੇ ਲੋਕਾਂ ਨੂੰ ਇਕੱਠਾ ਕਰਕੇ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments