Homeਸੰਸਾਰਮਨੀਲਾ ‘ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਫਰੀਦਕੋਟ ਦੇ ਪਿੰਡ ‘ਚ...

ਮਨੀਲਾ ‘ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਫਰੀਦਕੋਟ ਦੇ ਪਿੰਡ ‘ਚ ਸੋਗ ਦੀ ਲਹਿਰ

ਮਨੀਲਾ: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘਣੀਏ ਵਾਲਾ ਨਾਲ ਸਬੰਧਤ ਇੱਕ ਮਹਿਲਾ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਸੁਖਵੀਰ ਕੌਰ ਬਰਾੜ ਵਜੋਂ ਹੋਈ ਹੈ, ਜੋ ਆਪਣੇ ਪਤੀ ਇਕਬਾਲ ਸਿੰਘ ਬਰਾੜ ਨਾਲ ਕਈ ਸਾਲਾਂ ਤੋਂ ਫਿਲੀਪੀਨਜ਼ ਵਿੱਚ ਰਹਿ ਰਹੀ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਖਵੀਰ ਕੌਰ ਆਪਣੇ ਪਤੀ ਨਾਲ ਮਨੀਲਾ ਵਿੱਚ ਵਿੱਤ ਕਾਰੋਬਾਰ ਨਾਲ ਜੁੜੀ ਹੋਈ ਸੀ। ਪਰਿਵਾਰ ਦੇ ਕਰੀਬੀਆਂ ਮੁਤਾਬਕ ਇਕਬਾਲ ਸਿੰਘ ਕੁਝ ਦਿਨ ਪਹਿਲਾਂ ਆਪਣੇ ਜੱਦੀ ਪਿੰਡ ਘਣੀਏ ਵਾਲਾ ਆਇਆ ਹੋਇਆ ਸੀ, ਜਦਕਿ ਸੁਖਵੀਰ ਕੌਰ ਮਨੀਲਾ ਵਿੱਚ ਕਾਰੋਬਾਰ ਦੀ ਜ਼ਿੰਮੇਵਾਰੀ ਸੰਭਾਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਉਹ ਕਾਰੋਬਾਰ ਨਾਲ ਸਬੰਧਤ ਭੁਗਤਾਨ ਇਕੱਠੇ ਕਰਨ ਲਈ ਬਾਜ਼ਾਰ ਵੱਲ ਜਾ ਰਹੀ ਸੀ।

ਇਸ ਦੌਰਾਨ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਮਲਾ ਇੰਨਾ ਤੇਜ਼ ਅਤੇ ਅਚਾਨਕ ਸੀ ਕਿ ਸੁਖਵੀਰ ਕੌਰ ਨੂੰ ਬਚਾਅ ਦਾ ਮੌਕਾ ਵੀ ਨਹੀਂ ਮਿਲਿਆ। ਗੋਲੀਆਂ ਲੱਗਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਘਟਨਾ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਸੁਖਵੀਰ ਕੌਰ ਦੇ ਪਤੀ ਇਕਬਾਲ ਸਿੰਘ ਤੁਰੰਤ ਮਨੀਲਾ ਲਈ ਰਵਾਨਾ ਹੋ ਗਏ ਹਨ। ਪਰਿਵਾਰਕ ਸਹਿਯੋਗੀ ਤਰਸੇਮ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕਾ ਦੀ ਦੇਹ ਭਾਰਤ ਲਿਆਂਦੇ ਜਾਣ ਤੋਂ ਬਾਅਦ ਉਸਦਾ ਅੰਤਿਮ ਸੰਸਕਾਰ ਪਿੰਡ ਘਣੀਏ ਵਾਲਾ ਵਿੱਚ ਕੀਤਾ ਜਾਵੇਗਾ।

ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਅਤੇ ਇਲਾਕੇ ਵਿੱਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਪਿੰਡ ਵਾਸੀਆਂ ਨੇ ਸਰਕਾਰ ਅਤੇ ਭਾਰਤੀ ਦੂਤਾਵਾਸ ਤੋਂ ਮਾਮਲੇ ਦੀ ਗੰਭੀਰ ਜਾਂਚ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ।

ਇਸ ਹੱਤਿਆ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਵਧਾ ਦਿੱਤੀ ਹੈ। ਖਾਸ ਤੌਰ ‘ਤੇ ਵਿੱਤ ਕਾਰੋਬਾਰ ਨਾਲ ਜੁੜੇ ਲੋਕਾਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਪਰਿਵਾਰ ਅਤੇ ਪਿੰਡ ਵਾਸੀ ਹੁਣ ਇਨਸਾਫ਼ ਦੀ ਉਡੀਕ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments