ਪੰਜਾਬ: ਕੈਨੇਡਾ ਦੇ ਐਡਮਿੰਟਨ ਸ਼ਹਿਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 23 ਸਾਲਾ ਪੰਜਾਬੀ ਮੁਟਿਆਰ ਦਮਨਪ੍ਰੀਤ ਕੌਰ ਦੀ ਉਸ ਦੇ ਲਿਵ-ਇਨ ਪਾਰਟਨਰ ਨੇ ਕਥਿਤ ਤੌਰ ‘ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਦਮਨਪ੍ਰੀਤ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਦੀ ਰਹਿਣ ਵਾਲੀ ਸੀ। ਕਰੀਬ 5 ਸਾਲ ਪਹਿਲਾਂ ਉਸ ਦੇ ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ।
12 ਜੁਲਾਈ ਨੂੰ ਇਲਾਜ ਦੌਰਾਨ ਹੋਈ ਮੌਤ
ਐਡਮਿੰਟਨ ਪੁਲਿਸ ਅਨੁਸਾਰ 9 ਜੁਲਾਈ ਦੀ ਸ਼ਾਮ ਨੂੰ ਸਿਲਵਰਬੇਰੀ ਇਲਾਕੇ ਦੇ ਇੱਕ ਘਰ ਤੋਂ ਐਮਰਜੈਂਸੀ ਕਾਲ ਆਈ ਸੀ।ਜਦੋਂ ਪੁਲਿਸ ਅਤੇ ਪੈਰਾਮੈਡਿਕਸ ਮੌਕੇ ‘ਤੇ ਪਹੁੰਚੇ ਤਾਂ ਦਮਨਪ੍ਰੀਤ ਨੂੰ ਬੇਹੋਸ਼ ਪਾਇਆ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ 12 ਜੁਲਾਈ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 14 ਜੁਲਾਈ ਨੂੰ ਕੀਤੀ ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਸੀ ਕਿ ਉਸਦੀ ਮੌਤ ਗਲਾ ਘੁੱਟਣ ਨਾਲ ਹੋਈ ਹੈ।
ਲਿਵ-ਇਨ ਪਾਰਟਨਰ ਗ੍ਰਿਫਤਾਰ
ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਦਮਨਪ੍ਰੀਤ ਦੇ ਲਿਵ-ਇਨ ਪਾਰਟਨਰ ਰਿਤੇਸ਼ ਕੁਮਾਰ (22) ਨੂੰ 22 ਜੁਲਾਈ ਨੂੰ ਗ੍ਰਿਫ਼ਤਾਰ ਕਰ ਲਿਆ।ਰਿਤੇਸ਼ ਦਿੱਲੀ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਸੈਕਿੰਡ ਡਿਗਰੀ ਮਰਡਰ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਘਰੇਲੂ ਹਿੰਸਾ ਨਾਲ ਸਬੰਧਤ ਮਾਮਲਾ ਹੈ ਅਤੇ ਫਿਲਹਾਲ ਕਿਸੇ ਹੋਰ ਵਿਅਕਤੀ ਦੀ ਭਾਲ ਨਹੀਂ ਕੀਤੀ ਜਾ ਰਹੀ ਹੈ।
ਪਰਿਵਾਰ ਨੇ ਮਦਦ ਦੀ ਕੀਤੀ ਮੰਗ
ਦਮਨਪ੍ਰੀਤ ਨੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਵਿੱਚ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ ਸੀ। ਹੁਣ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਅਤੇ ਅੰਤਿਮ ਸਸਕਾਰ ਦਾ ਖਰਚ ਚੁੱਕਣ ਲਈ ਸੋਸ਼ਲ ਮੀਡੀਆ ‘ਤੇ GoFundMe ਮੁਹਿੰਮ ਸ਼ੁਰੂ ਕੀਤੀ ਗਈ ਹੈ। ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਦੱਸੀ ਜਾਂਦੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਾਲੇ ਤੱਕ ਉਨ੍ਹਾਂ ਨੂੰ ਭਾਰਤੀ ਦੂਤਾਵਾਸ ਜਾਂ ਸਰਕਾਰ ਵੱਲੋਂ ਕੋਈ ਮਦਦ ਨਹੀਂ ਮਿਲੀ।
