ਲੁਧਿਆਣਾ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਧੜੇਬੰਦੀ ਦਰਮਿਆਨ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸੰਗਠਨ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਰਾਹੁਲ ਗਾਂਧੀ ਦੇ ਅਗਲੇ ਮਹੀਨੇ ਪੰਜਾਬ ਦੌਰੇ ਨੂੰ ਲੈ ਕੇ ਪਾਰਟੀ ਅੰਦਰ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਇੱਕ ਬੱਸ ਟੂਰ ਦਾ ਪ੍ਰਸਤਾਵ ਰੱਖੇ ਜਾਣ ਦੀ ਗੱਲ ਸਾਹਮਣੇ ਆਈ ਹੈ।
ਇਸ ਪ੍ਰਸਤਾਵ ਦਾ ਮੁੱਖ ਉਦੇਸ਼ ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਨੂੰ ਇੱਕ ਮੰਚ ’ਤੇ ਲਿਆਉਣਾ ਅਤੇ ਪਾਰਟੀ ਵਰਕਰਾਂ ਵਿੱਚ ਏਕਤਾ ਦਾ ਸੰਦੇਸ਼ ਦੇਣਾ ਦੱਸਿਆ ਜਾ ਰਿਹਾ ਹੈ। ਬੱਸ ਟੂਰ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਵੀ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਕਾਂਗਰਸ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਅੰਦਰੂਨੀ ਮਤਭੇਦ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਚਰਨਜੀਤ ਸਿੰਘ ਚੰਨੀ ਨਾਲ ਜੁੜੇ ਧੜੇ ਵੱਲੋਂ ਰਾਜਾ ਵੜਿੰਗ ਦੀ ਅਗਵਾਈ ’ਤੇ ਸਵਾਲ ਚੁੱਕੇ ਜਾਂਦੇ ਰਹੇ ਹਨ। ਦੂਜੇ ਪਾਸੇ ਵੜਿੰਗ ਧੜਾ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਨੂੰ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਲਈ ਤਿਆਰ ਕਰਨ ਦੀ ਗੱਲ ਕਰਦਾ ਰਿਹਾ ਹੈ।
20 ਅਗਸਤ ਨੂੰ ਕਾਂਗਰਸ ਹਾਈਕਮਾਂਡ ਨਾਲ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਇੰਚਾਰਜ ਭੁਪੇਸ਼ ਬਘੇਲ ਵੱਲੋਂ ਪਾਰਟੀ ਦੀ ਸਥਿਤੀ ਬਾਰੇ ਸਪੱਸ਼ਟ ਸੰਕੇਤ ਦਿੱਤੇ ਗਏ। ਇਸ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਸਾਂਝੀ ਰਣਨੀਤੀ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋਈਆਂ ਹਨ।











