ਫਤਹਿਗੜ੍ਹ ਸਾਹਿਬ: ਆਪਣੀ ਸਜ਼ਾ ਪੂਰੀ ਕਰ ਚੁੱਕੇ ਅਤੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਰੇਲ ਗੱਡੀਆਂ ਰੋਕੀਆਂ ਗਈਆਂ। ਪ੍ਰਦਰਸ਼ਨ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਕਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ , ਕਈ ਰੇਲਾਂ ਵੀ ਪ੍ਰਭਾਵਿਤ ਹੋਈਆਂ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਤੇ ਹੋਰ ਆਗੂਆਂ ਨੇ ਕਿਹਾ ਕਿ ਮੋਹਾਲੀ ਵਿੱਚ ਕੌਮੀ ਇਨਸਾਫ਼ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਪਰ ਸਰਕਾਰਾਂ ਇਸ ਮੁੱਦੇ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ।
ਆਗੂਆਂ ਨੇ ਕਿਹਾ ਕਿ ਸਰਕਾਰਾਂ ਤੱਕ ਉਨ੍ਹਾਂ ਦੀ ਆਵਾਜ਼ ਪਹੁੰਚਾਉਣ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਰਹਿੰਦ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਅਤੇ ਕੇਂਦਰ ਦੋਵੇਂ ਸਰਕਾਰਾਂ ਇਸ ਮੁੱਦੇ ’ਤੇ ਗੰਭੀਰਤਾ ਨਹੀਂ ਦਿਖਾ ਰਹੀਆਂ, ਜਿਸ ਕਾਰਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।












