ਅੰਮ੍ਰਿਤਸਰ : ਅੰਮ੍ਰਿਤਸਰ ਦੀ ਜੀ.ਆਰ.ਪੀ. (ਸਰਕਾਰੀ ਰੇਲਵੇ ਪੁਲਿਸ) ਨੇ ਰੇਲ ਯਾਤਰੀਆਂ ਦੀ ਸਹੂਲਤ ਅਤੇ ਆਤਮ ਵਿਸ਼ਵਾਸ ਵਧਾਉਣ ਲਈ ਇਕ ਸ਼ਲਾਘਾਯੋਗ ਕਦਮ ਚੁੱਕਿਆ ਹੈ। ਰੇਲਵੇ ਸਟੇਸ਼ਨਾਂ ਅਤੇ ਰੇਲਗੱਡੀਆਂ ਤੋਂ ਗੁੰਮ ਹੋਏ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰਨ ਦੀ ਮੁਹਿੰਮ ਦੇ ਤਹਿਤ ਅੱਜ 30 ਮੋਬਾਈਲ ਫੋਨ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ।
ਇਸ ਮੌਕੇ ਜੀ.ਆਰ.ਪੀ. ਦੇ ਸਬ-ਇੰਸਪੈਕਟਰ ਸ਼ਾਮ ਸੁੰਦਰ ਨੇ ਦੱਸਿਆ ਕਿ ਰੇਲ ਗੱਡੀਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਮੋਬਾਈਲ ਫ਼ੋਨ ਦੇ ਗੁੰਮ ਜਾਂ ਚੋਰੀ ਹੋਣ ਦੀਆਂ ਸ਼ਿਕਾਇਤਾਂ ਅਕਸਰ ਹੀ ਮਿਲਦੀਆਂ ਰਹਿੰਦੀਆਂ ਹਨ । ਅਜਿਹੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ, ਜੀ.ਆਰ.ਪੀ. ,ਸੀ.ਆਈ.ਆਰ. ਪੋਰਟਲ ਦੀ ਮਦਦ ਨਾਲ ਮੋਬਾਈਲ ਫੋਨਾਂ ਦੀ ਲੋਕੇਸ਼ਨ ਦਾ ਪਤਾ ਲਗਾਉਂਦੀ ਹੈ ਅਤੇ ਉਨ੍ਹਾਂ ਨੂੰ ਟਰੇਸ ਕਰਨ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ 30 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੇ ਗਏ। ਇਹ ਮੋਬਾਈਲ ਫੋਨ ਪੰਜਾਬ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਸਮੇਤ ਕਈ ਰਾਜਾਂ ਤੋਂ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ਅਤੇ ਰੇਲਗੱਡੀਆਂ ਵਿੱਚ ਭੀੜ-ਭੜੱਕੇ ਕਾਰਨ ਕਈ ਵਾਰ ਯਾਤਰੀ ਆਪਣਾ ਮੋਬਾਈਲ ਫੋਨ ਭੁੱਲ ਜਾਂਦੇ ਹਨ ਜਾਂ ਚੋਰੀ ਹੋ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਬ ਇੰਸਪੈਕਟਰ ਸ਼ਾਮ ਸੁੰਦਰ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਮੌਕਿਆਂ ‘ਤੇ ਜੀ.ਆਰ.ਪੀ. 200 ਦੇ ਕਰੀਬ ਗੁੰਮ ਹੋਏ ਮੋਬਾਈਲਾਂ ਨੂੰ ਲੱਭ ਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕਰ ਚੁੱਕੀ ਹੈ। ਇਸ ਕਾਰਵਾਈ ਨਾਲ ਰੇਲਵੇ ਯਾਤਰੀਆਂ ਦਾ ਪੁਲਿਸ ‘ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਰੇਲਵੇ ਸਟੇਸ਼ਨ ਜਾਂ ਰੇਲਗੱਡੀ ‘ਤੇ ਸਫ਼ਰ ਕਰਦੇ ਹਨ ਤਾਂ ਉਹ ਆਪਣੇ ਸਮਾਨ ਦਾ ਵਿਸ਼ੇਸ਼ ਧਿਆਨ ਰੱਖਣ । ਜੇਕਰ ਕਿਸੇ ਨੂੰ ਕੋਈ ਲਾਵਾਰਿਸ ਚੀਜ਼ ਜਾਂ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਜੀ.ਆਰ.ਪੀ., ਆਰ.ਪੀ.ਐਫ ਜਾਂ ਕਿਸੇ ਰੇਲਵੇ ਕਰਮਚਾਰੀ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
