Home ਦੇਸ਼ ਨੇਪਾਲ ’ਚ ਮੀਂਹ ਨੇ ਮਚਾਈ ਤਬਾਹੀ, ਹੜ੍ਹ ਤੇ ਜ਼ਮੀਨ ਖਿਸਕਣ ਨਾਲ 21...

ਨੇਪਾਲ ’ਚ ਮੀਂਹ ਨੇ ਮਚਾਈ ਤਬਾਹੀ, ਹੜ੍ਹ ਤੇ ਜ਼ਮੀਨ ਖਿਸਕਣ ਨਾਲ 21 ਮੌਤਾਂ

0

ਕਾਠਮੰਡੂ: ਨੇਪਾਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਹਾਲਾਤ ਗੰਭੀਰ ਬਣੇ ਹੋਏ ਹਨ। ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਨੇ ਵੱਡਾ ਨੁਕਸਾਨ ਕੀਤਾ ਹੈ। ਹੁਣ ਤੱਕ 21 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਬਾਗਲੁੰਗ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਘਰ ਮਲਬੇ ਹੇਠ ਦੱਬ ਗਿਆ। ਇਸ ਹਾਦਸੇ ਵਿੱਚ ਇੱਕ ਔਰਤ ਅਤੇ ਉਸ ਦੇ ਤਿੰਨ ਪੁੱਤਰਾਂ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਪਾਲਪਾ ਜ਼ਿਲ੍ਹੇ ਵਿੱਚ ਵੀ ਦੋ ਲੋਕਾਂ ਦੀ ਮੌਤ ਹੋਈ ਹੈ।

ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਘਰਾਂ ਅਤੇ ਪੁਲਾਂ ਨੂੰ ਨੁਕਸਾਨ ਪਹੁੰਚਿਆ ਹੈ। ਕਈ ਥਾਵਾਂ ’ਤੇ ਹਾਈਵੇਅ ਬੰਦ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਬੁਟਵਾਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 1,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

ਲਗਾਤਾਰ ਮੀਂਹ ਕਾਰਨ ਨੇਪਾਲ ਦੀਆਂ ਕਈ ਨਦੀਆਂ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਐਤਵਾਰ ਸਵੇਰੇ ਦੇਵਘਾਟ ਵਿਖੇ ਨਾਰਾਇਣੀ ਨਦੀ ਦਾ ਪਾਣੀ 11 ਮੀਟਰ ਦੇ ਪੱਧਰ ’ਤੇ ਵਹਿ ਰਿਹਾ ਸੀ, ਜੋ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ ਦੋ ਮੀਟਰ ਉੱਪਰ ਦੱਸਿਆ ਗਿਆ। ਅਧਿਕਾਰੀਆਂ ਨੇ ਪਾਣੀ ਦਾ ਪੱਧਰ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਸੀ।

ਬੁਟਵਾਲ ਵਿੱਚ ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਕਰੀਬ 200 ਪਰਿਵਾਰਾਂ ਨੂੰ ਘਰਾਂ ਤੋਂ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version