ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਮਾਮਲੇ ‘ਚ ਪੰਜਾਬ ਸਰਕਾਰ ਵਲੋਂ ਦਾਇਰ ਗਈ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਇਸ ਮਾਮਲੇ ਸਬੰਧੀ ਅਦਾਲਤ ਨੇ ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ, ਹਾਲਾਂਕਿ ਅਦਾਲਤ ਨੇ ਮਾਮਲੇ ‘ਚ ਸੀ.ਬੀ.ਆਈ. ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ‘ਤੇ ਸਪੱਸ਼ਟ ਤੌਰ ‘ਤੇ ਰੋਕ ਲਾ ਦਿੱਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਰਹੇਗੀ।
ਅਦਾਲਤ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਸੀ.ਬੀ.ਆਈ. ਮਾਮਲੇ ਨਾਲ ਸਬੰਧਿਤ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਸਬੰਧੀ ਕੋਈ ਕਾਰਵਾਈ ਨਹੀਂ ਕਰ ਸਕੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਟੈਂਡਰਾਂ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਇੱਥੇ ਦੱਸ ਦਈਏ ਕਿ ਹਾਈਕੋਰਟ ਵੱਲੋਂ ਜਾਂਚ ਸੀ.ਬੀ.ਆਈ. ਨੂੰ ਸੌਂਪੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਜਿੱਥੇ ਉਸੇ ਦਿਨ ਦੇਰ ਰਾਤ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਉੱਥੇ ਹੀ ਸੀ. ਬੀ.ਆਈ. ਦੀ ਟੀਮ ਨੇ ਵੀ ਅਗਲੇ ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਸਣੇ ਸੂਬੇ ਵਿਚ ਕੁੱਲ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਸਬੰਧੀ ਸੀ.ਬੀ.ਆਈ. ਨੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸਣੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਤੇ ਅਗਲੇਰੀ ਜਾਂਚ ਜਾਰੀ ਹੈ। ਉੱਥੇ ਹੀ ਪੰਜਾਬ ਸਰਕਾਰ ਦੇ ਵਕੀਲ ਨੇ ਸੀ.ਬੀ.ਆਈ. ਜਾਂਚ ਨੂੰ ਸੰਘੀ ਢਾਂਚੇ ਦੀ ਉਲੰਘਣਾ ਦਾ ਮਾਮਲਾ ਦੱਸਦਿਆਂ ਸੁਪਰੀਮ ਕੋਰਟ ਨੂੰ ਇਸ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ।
