ਲੁਧਿਆਣਾ: ਮਹਾਨਗਰ ਲੁਧਿਆਣਾ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮਾਡਲ ਟਾਊਨ ਦੇ ਲਾਲ ਕੋਠੀ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਇੱਕ 74 ਸਾਲਾ ਬਜ਼ੁਰਗ ਤੋਂ ਐਕਟਿਵਾ ਸਕੂਟਰ ਖੋਹ ਕੇ ਫਰਾਰ ਹੋ ਗਏ।
ਜਾਣਕਾਰੀ ਮੁਤਾਬਕ ਬਜ਼ੁਰਗ ਆਪਣੇ ਐਕਟਿਵਾ ਸਕੂਟਰ ’ਤੇ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਉਸ ਦੇ ਨੇੜੇ ਪਹੁੰਚੇ ਅਤੇ ਕਥਿਤ ਤੌਰ ’ਤੇ ਉਸ ਤੋਂ ਐਕਟਿਵਾ ਖੋਹ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਪੂਰੀ ਘਟਨਾ ਨੇੜੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਸਾਹਮਣੇ ਆਈਆਂ ਤਸਵੀਰਾਂ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਦੀਆਂ ਗਤੀਵਿਧੀਆਂ ਰਿਕਾਰਡ ਹੋਈਆਂ ਹਨ।
ਘਟਨਾ ਤੋਂ ਬਾਅਦ ਪੁਲਿਸ ਵੱਲੋਂ CCTV ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਦੀ CCTV ਫੁਟੇਜ ਵੀ ਖੰਗਾਲੀ ਜਾ ਰਹੀ ਹੈ।












