ਚੰਡੀਗੜ੍ਹ: ਪੰਜਾਬ ਦੇ ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕਰਨ ਲਈ ਨਿਕਲੇ।
ਕਾਂਗਰਸ ਵੱਲੋਂ ਚੀਮਾ ਖ਼ਿਲਾਫ਼ ਕਾਰਵਾਈ ਅਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੁਤੰਤਰ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਪਾਰਟੀ ਦਾ ਦੋਸ਼ ਹੈ ਕਿ ਗੁਲਜ਼ਾਰ ਸਿੰਘ ਨੇ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਮੰਤਰੀ ਹਰਪਾਲ ਚੀਮਾ ਨੂੰ ਸਵਾਲ ਕੀਤਾ ਸੀ ਅਤੇ ਇਸ ਤੋਂ ਬਾਅਦ ਉਸ ’ਤੇ ਦਬਾਅ ਬਣਾਇਆ ਗਿਆ। ਇਨ੍ਹਾਂ ਦੋਸ਼ਾਂ ਦੀ ਸੁਤੰਤਰ ਜਾਂਚ ਦੀ ਮੰਗ ਵੀ ਕਾਂਗਰਸ ਵੱਲੋਂ ਕੀਤੀ ਜਾ ਰਹੀ ਹੈ।
ਮਾਰਚ ਦੌਰਾਨ ਚੰਡੀਗੜ੍ਹ ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਤਣਾਅ ਦੀ ਸਥਿਤੀ ਬਣੀ ਅਤੇ ਪੁਲਿਸ ਨੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸਚਿਨ ਪਾਇਲਟ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਆਗੂ ਵੀ ਹਿਰਾਸਤ ਵਿੱਚ ਲਏ ਗਏ।
ਰਿਪੋਰਟਾਂ ਮੁਤਾਬਕ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਆਗੂਆਂ ਨੂੰ ਕਰੀਬ ਇੱਕ ਘੰਟੇ ਬਾਅਦ ਰਿਹਾਅ ਕਰ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਮਾਰਚ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡਿੰਗ ਕੀਤੀ ਅਤੇ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਇਸ ਪ੍ਰਦਰਸ਼ਨ ਦੀ ਇੱਕ ਹੋਰ ਖਾਸ ਗੱਲ ਪੰਜਾਬ ਕਾਂਗਰਸ ਦੇ ਅੰਦਰੂਨੀ ਧੜਿਆਂ ਦਾ ਇੱਕ ਮੰਚ ’ਤੇ ਨਜ਼ਰ ਆਉਣਾ ਰਹੀ। ਸਚਿਨ ਪਾਇਲਟ ਦੇ ਨਾਲ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਵੀ ਇੱਕੋ ਮੰਚ ’ਤੇ ਦਿਖਾਈ ਦਿੱਤੇ। ਪਾਰਟੀ ਵਿੱਚ ਪਿਛਲੇ ਸਮੇਂ ਤੋਂ ਚੱਲ ਰਹੀ ਧੜੇਬੰਦੀ ਦੇ ਮੱਦੇਨਜ਼ਰ ਇਸ ਨੂੰ ਕਾਂਗਰਸ ਦੀ ਏਕਤਾ ਦਿਖਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।












