ਫਿਰੋਜ਼ਪੁਰ: ਸਾਰਾਗੜ੍ਹੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਵੱਲੋਂ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਯਾ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਾਰਾਗੜ੍ਹੀ ਦੀ ਜੰਗ ਬਹਾਦਰੀ ਦੀ ਅਨੋਖੀ ਮਿਸਾਲ
ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਬਹਾਦਰੀ, ਸਮਰਪਣ, ਅਨੁਸ਼ਾਸਨ ਅਤੇ ਫਰਜ਼ ਪ੍ਰਤੀ ਵਫਾਦਾਰੀ ਦੀ ਅਦਭੁੱਤ ਮਿਸਾਲ ਹੈ। ਉਨ੍ਹਾਂ ਕਿਹਾ ਕਿ 12 ਸਤੰਬਰ 1897 ਨੂੰ ਸਾਰਾਗੜ੍ਹੀ ਕਿਲ੍ਹੇ ਦੀ ਰੱਖਿਆ ਕਰਦਿਆਂ 21 ਸਿੱਖ ਸੈਨਿਕਾਂ ਨੇ ਬੇਮਿਸਾਲ ਹਿੰਮਤ ਦਾ ਪ੍ਰਦਰਸ਼ਨ ਕੀਤਾ ਅਤੇ ਇਤਿਹਾਸ ਵਿੱਚ ਆਪਣਾ ਨਾਮ ਦਰਜ ਕਰਵਾਇਆ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਹ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਰਹੇਗੀ। ਖੁੱਡੀਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਰਾਗੜ੍ਹੀ ਦੇ ਯੋਧਿਆਂ ਤੋਂ ਦੇਸ਼ ਪ੍ਰਤੀ ਸਮਰਪਣ, ਹਿੰਮਤ, ਅਨੁਸ਼ਾਸਨ ਅਤੇ ਆਪਣੇ ਫਰਜ਼ ਨੂੰ ਨਿਭਾਉਣ ਦੀ ਪ੍ਰੇਰਣਾ ਲੈਣ।
ਫਿਰੋਜ਼ਪੁਰ ‘ਚ ਬਣਾਈ ਗਈ ਸਾਰਾਗੜ੍ਹੀ ਜੰਗੀ ਯਾਦਗਾਰ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਇਤਿਹਾਸ ਅਤੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫਿਰੋਜ਼ਪੁਰ ਵਿੱਚ ਜੰਗੀ ਯਾਦਗਾਰ ਬਣਾਈ ਗਈ ਹੈ। ਇਹ ਯਾਦਗਾਰ ਉਨ੍ਹਾਂ ਸਿੱਖ ਸੈਨਿਕਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਸਾਰਾਗੜ੍ਹੀ ਕਿਲ੍ਹੇ ਦੀ ਰੱਖਿਆ ਕਰਦਿਆਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਫਰਜ਼ ਨਿਭਾਇਆ।
ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ, ਐਸ.ਡੀ.ਐਮ. ਅਭਿਸ਼ੇਕ ਸ਼ਰਮਾ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਭਾਰਤੀ ਫੌਜ ਵੱਲੋਂ ਜੀ.ਓ.ਸੀ. ਮੇਜਰ ਜਨਰਲ ਰਣਜੀਤ ਸਿੰਘ ਮਨਰਾਲ ਅਤੇ ਡਿਪਟੀ ਜੀ.ਓ.ਸੀ. ਬ੍ਰਿਗੇਡੀਅਰ ਵਾਈ.ਐਸ. ਸਜਵਾਨ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਮਾਗਮ ਦੇ ਅੰਤ ਵਿੱਚ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਅਤੇ ਸਮਾਗਮ ਵਿੱਚ ਸ਼ਾਮਲ ਸੰਗਤ ਦਾ ਧੰਨਵਾਦ ਕੀਤਾ।












