ਸ਼ਾਹਕੋਟ: ਇੰਗਲੈਂਡ ਦੇ ਦੌਰੇ ’ਤੇ ਗਏ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਲੰਡਨ ਸਥਿਤ ਗੁਰੂ ਨਾਨਕ ਸਿੱਖ ਅਕੈਡਮੀ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਪ੍ਰਬੰਧਕਾਂ ਅਤੇ ਸੰਗਤ ਵੱਲੋਂ ਪੰਜਾਬ ਦੇ ਪਾਣੀਆਂ ਦੀ ਸੰਭਾਲ ਅਤੇ ਦਰਿਆਵਾਂ ਤੇ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।
ਸਮਾਗਮ ਦੌਰਾਨ ਸੰਤ ਸੀਚੇਵਾਲ ਨੇ ਵਾਤਾਵਰਣ ਦੀ ਸੰਭਾਲ ਨੂੰ ਸਮੇਂ ਦੀ ਵੱਡੀ ਲੋੜ ਦੱਸਦਿਆਂ ਪੰਜਾਬ ਦੇ ਪਾਣੀ ਸਰੋਤਾਂ ਦੀ ਸੁਰੱਖਿਆ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ, ਨਦੀਆਂ ਅਤੇ ਵੇਈਆਂ ਦੀ ਸਫ਼ਾਈ ਸਿਰਫ਼ ਸਰਕਾਰਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਗੁਰਬਾਣੀ ਵਿੱਚ ਵਾਤਾਵਰਣ ਅਤੇ ਕੁਦਰਤ ਨਾਲ ਪਿਆਰ ਦਾ ਸੰਦੇਸ਼ ਦਿੱਤਾ ਗਿਆ ਹੈ। ਇਸ ਸੰਦੇਸ਼ ਨੂੰ ਅਮਲੀ ਰੂਪ ਦੇਣ ਲਈ ਸੰਗਤ ਅਤੇ ਕਾਰਸੇਵਾ ਦੇ ਸਹਿਯੋਗ ਨਾਲ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਅਤੇ ਪੁਨਰ-ਸੁਰਜੀਤੀ ਦਾ ਕਾਰਜ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕਾਲੀ ਵੇਈਂ ਦੀ ਸੰਭਾਲ ਨਾਲ ਲੋਕਾਂ ਵਿੱਚ ਪਾਣੀ ਸਰੋਤਾਂ ਪ੍ਰਤੀ ਜਾਗਰੂਕਤਾ ਵਧੀ ਹੈ। ਇਹ ਚੇਤਨਾ ਹੁਣ ਪੰਜਾਬ ਤੱਕ ਸੀਮਤ ਨਹੀਂ ਰਹੀ, ਸਗੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਤੱਕ ਵੀ ਪਹੁੰਚ ਰਹੀ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਧਰਤੀ ਹੇਠਲੇ ਪਾਣੀ ਦਾ ਪੱਧਰ, ਦਰਿਆਵਾਂ ਦਾ ਪ੍ਰਦੂਸ਼ਣ ਅਤੇ ਕੁਦਰਤੀ ਸਰੋਤਾਂ ਦੀ ਲਗਾਤਾਰ ਘਟ ਰਹੀ ਉਪਲਬਧਤਾ ਪੰਜਾਬ ਲਈ ਗੰਭੀਰ ਚੁਣੌਤੀਆਂ ਹਨ।
ਉਨ੍ਹਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵੀ ਆਪਣੇ ਪਿੰਡਾਂ ਅਤੇ ਪੰਜਾਬ ਦੇ ਵਾਤਾਵਰਣ ਨਾਲ ਜੁੜੇ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਪਾਣੀ ਅਤੇ ਸਾਫ਼ ਵਾਤਾਵਰਣ ਯਕੀਨੀ ਬਣਾਇਆ ਜਾ ਸਕਦਾ ਹੈ।












