Home ਪੰਜਾਬ ਤਰਨਤਾਰਨ ‘ਚ ਸਰਪੰਚ ਦੇ ਪਤੀ ਨੂੰ ਘੇਰ ਕੇ ਕੀਤੀ ਫਾਇਰਿੰਗ

ਤਰਨਤਾਰਨ ‘ਚ ਸਰਪੰਚ ਦੇ ਪਤੀ ਨੂੰ ਘੇਰ ਕੇ ਕੀਤੀ ਫਾਇਰਿੰਗ

0

ਤਰਨਤਾਰਨ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਡੱਲੇਕੇ ਪਿੰਡ ਵਿੱਚ ਆਮ ਆਦਮੀ ਪਾਰਟੀ ਦੀ ਸਰਪੰਚ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੜਕ ਦੇ ਚੌਰਾਹੇ ਨੇੜੇ ਕੁਝ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਚਾਰ ਗੋਲੀਆਂ ਚਲਾਈਆਂ। ਰਾਹਤ ਦੀ ਗੱਲ ਰਹੀ ਕਿ ਦੋਵੇਂ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ ਅਤੇ ਕਿਸੇ ਨੂੰ ਵੀ ਗੋਲੀ ਨਹੀਂ ਲੱਗੀ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲੈਣ ਦਾ ਦਾਅਵਾ ਕੀਤਾ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਪੰਚ ਮਨਜੀਤ ਕੌਰ ਦੇ ਪਤੀ ਸੁਖਬੀਰ ਸਿੰਘ ਮੋਟਰਸਾਈਕਲ ‘ਤੇ ਜਾ ਰਹੇ ਸਨ। ਮਨਜੀਤ ਕੌਰ ਵੀ ਉਨ੍ਹਾਂ ਦੇ ਨਾਲ ਪਿੱਛੇ ਬੈਠੇ ਹੋਏ ਸਨ। ਇਸੇ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਕਥਿਤ ਤੌਰ ‘ਤੇ ਚਾਰ ਗੋਲੀਆਂ ਚਲਾ ਦਿੱਤੀਆਂ।

ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਤਰਨਤਾਰਨ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੁਖਬੀਰ ਸਿੰਘ ਨੂੰ ਕੋਈ ਗੋਲੀ ਨਹੀਂ ਲੱਗੀ ਅਤੇ ਦੋਵੇਂ ਸੁਰੱਖਿਅਤ ਹਨ।

ਐੱਸ.ਐੱਸ.ਪੀ ਸੁਰਿੰਦਰ ਲਾਂਬਾ ਅਨੁਸਾਰ, ਪੁਲਿਸ ਨੇ ਹਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਦਾ ਅਪਰਾਧਿਕ ਰਿਕਾਰਡ ਵੀ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਇਹ ਵੀ ਕਿਹਾ ਕਿ ਪੀੜਤ ਪਰਿਵਾਰ ਅਤੇ ਮੁਲਜ਼ਮਾਂ ਵਿਚਾਲੇ ਪਹਿਲਾਂ ਤੋਂ ਨਿੱਜੀ ਵਿਵਾਦ ਸੀ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਕਈ ਟੀਮਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਘਟਨਾ ਨਾਲ ਜੁੜੇ ਸਬੂਤ ਇਕੱਠੇ ਕਰਨ ਲਈ ਇਲਾਕੇ ਦੇ ਵੱਖ-ਵੱਖ ਸਥਾਨਾਂ ਤੋਂ CCTV ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਇਸ ਘਟਨਾ ਬਾਰੇ ਗੱਲ ਕਰਦਿਆਂ ਸਰਪੰਚ ਮਨਜੀਤ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਤੀ ਵੱਲੋਂ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਵਿਕਰੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਇਸੇ ਕਾਰਨ ਨਸ਼ਾ ਤਸਕਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਅਤੇ ਆਵਾਜ਼ ਦਬਾਉਣ ਲਈ ਹਮਲਾ ਕੀਤਾ।

ਉੱਧਰ, ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਮਲੇ ਪਿੱਛੇ ਅਸਲ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕਣਗੇ।

NO COMMENTS

LEAVE A REPLY

Please enter your comment!
Please enter your name here

Exit mobile version