ਪੰਜਾਬ : ਪੰਜਾਬ ‘ਚ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਖੁਫੀਆ ਸੂਚਨਾਵਾਂ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ‘ਚ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਇਨਪੁਟ ਨੂੰ ਲੈ ਕੇ ਹਾਲੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਜਾਂਚ ਵਿੱਚ ਜੁਟੀਆਂ ਸੁਰੱਖਿਆ ਏਜੰਸੀਆਂ
ਰਿਪੋਰਟ ਮੁਤਾਬਕ ਦੋ ਸ਼ੱਕੀ ਕਾਰਕੁਨਾਂ ਨੇ ਖਾਸਾ ਛਾਉਣੀ ਅਤੇ ਬੇਸ ਨੇੜੇ ਬੁੱਢਾ ਥੇਹ ਇਲਾਕੇ ਦੀ ਕਥਿਤ ਤੌਰ ‘ਤੇ ਰੇਕੀ ਕੀਤੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਸਾਂਝੀ ਕੀਤੀ ਗਈ ਹੈ। ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਇਨਪੁਟ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਨਾਲ ਜੁੜਿਆ ਹੋ ਸਕਦਾ ਹੈ। ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਹਥਿਆਰਾਂ ਦੀ ਤਸਕਰੀ ਦੇ ਮਾਮਲੇ ‘ਚ 2 ਗ੍ਰਿਫ਼ਤਾਰ
ਇਸੇ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਦੋਵੇਂ ਤਰਨਤਾਰਨ ਦੇ ਵਸਨੀਕ ਹਨ। ਇਨ੍ਹਾਂ ਕੋਲੋਂ 10 ਪਿਸਤੌਲ, ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਅਨੁਸਾਰ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ। ਪੁਲਿਸ ਦਾ ਕਹਿਣਾ ਹੈ ਕਿ ਹਥਿਆਰਾਂ ਨੂੰ ਡਰੋਨ ਰਾਹੀਂ ਸਰਹੱਦ ਦੇ ਨੇੜੇ ਲਿਆਂਦਾ ਗਿਆ ਸੀ ਅਤੇ ਅੱਗੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
