ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਬੈਠਕ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਬੈਠਕ ਵਿੱਚ ਐਕਟ ਦੀਆਂ ਵੱਖ-ਵੱਖ ਮੱਦਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਸਰਕਾਰ ਮੁਤਾਬਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਕਟ ਦੀ ਸਮੀਖਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਪ੍ਰਭਾਵਸ਼ਾਲੀ ਤਾਲਮੇਲ ਦੇ ਤਰੀਕਿਆਂ ਬਾਰੇ ਵੀ ਚਰਚਾ ਹੋਵੇਗੀ।
ਸੱਤ ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈਪੀਐਸ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਪੰਜਾਬ ਸਰਕਾਰ ਨੇ ਕਿਹਾ ਹੈ ਕਿ ਬੈਠਕ ਦਾ ਉਦੇਸ਼ ਐਕਟ ਦੀਆਂ ਮੱਦਾਂ ਦੀ ਵਿਸਥਾਰ ਨਾਲ ਸਮੀਖਿਆ ਕਰਨਾ, ਵੱਖ-ਵੱਖ ਸੁਝਾਵਾਂ ’ਤੇ ਵਿਚਾਰ ਕਰਨਾ ਅਤੇ ਸਬੰਧਤ ਧਿਰਾਂ ਨਾਲ ਤਾਲਮੇਲ ਰਾਹੀਂ ਅਗਲੀ ਰਣਨੀਤੀ ’ਤੇ ਚਰਚਾ ਕਰਨਾ ਹੈ। ਸਰਕਾਰ ਅਨੁਸਾਰ ਵਿਚਾਰ-ਵਟਾਂਦਰੇ ਦੌਰਾਨ ਕਾਨੂੰਨ ਦੀ ਮੂਲ ਭਾਵਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦਾ ਸਤਿਕਾਰ ਯਕੀਨੀ ਬਣਾਉਣ ’ਤੇ ਧਿਆਨ ਰਹੇਗਾ।
ਇਸ ਐਕਟ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਵੀ ਕਈ ਮੱਦਾਂ ’ਤੇ ਇਤਰਾਜ਼ ਅਤੇ ਸੁਝਾਅ ਦਿੱਤੇ ਗਏ ਸਨ। ਜੂਨ 2026 ਵਿੱਚ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਐਕਟ ਵਿੱਚ ਸੋਧਾਂ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਵਿਚਕਾਰ ਤਾਲਮੇਲ ਦੀ ਪ੍ਰਕਿਰਿਆ ਅੱਗੇ ਵਧੀ।












