ਕਾਂਗੋ: ਕਾਂਗੋ ਵਿੱਚ ਇਬੋਲਾ ਵਾਇਰਸ ਦੇ ਫੈਲਾਅ ਨੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਇਸ ਜਾਨਲੇਵਾ ਬੀਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਹਜ਼ਾਰ ਤੋਂ ਪਾਰ ਹੋ ਗਈ ਹੈ, ਜਦਕਿ 10 ਹਜ਼ਾਰ ਤੋਂ ਵੱਧ ਲੋਕ ਇਸ ਦੀ ਲਪੇਟ ਵਿੱਚ ਆ ਚੁੱਕੇ ਹਨ।
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ਵਿੱਚ ਇਬੋਲਾ ਦੇ 10,351 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 5,026 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੰਕੜਿਆਂ ਅਨੁਸਾਰ ਇਸ ਬੀਮਾਰੀ ਨਾਲ ਮੌਤਾਂ ਦੀ ਦਰ ਲਗਭਗ 50 ਫ਼ੀਸਦੀ ਦੱਸੀ ਜਾ ਰਹੀ ਹੈ।
ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਨੇ ਸਿਹਤ ਵਿਭਾਗ ਅਤੇ ਮਾਹਰਾਂ ਦੀ ਚਿੰਤਾ ਵਧਾ ਦਿੱਤੀ ਹੈ। ਮਾਹਰਾਂ ਨੂੰ ਖਦਸ਼ਾ ਹੈ ਕਿ ਜੇਕਰ ਸਮੇਂ ਸਿਰ ਇਸ ਦੇ ਫੈਲਾਅ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਇਹ ਅਫ਼ਰੀਕਾ ਦੇ ਹੋਰ ਦੇਸ਼ਾਂ ਤੱਕ ਵੀ ਪਹੁੰਚ ਸਕਦਾ ਹੈ।
ਸਿਹਤ ਅਧਿਕਾਰੀਆਂ ਮੁਤਾਬਕ ਬੁੰਦਿਬੁਗਯੋ ਵਾਇਰਸ ਕਾਰਨ ਫੈਲੀ ਇਸ ਬੀਮਾਰੀ ਦਾ ਪਤਾ ਮਈ ਮਹੀਨੇ ਦੇ ਮੱਧ ਵਿੱਚ ਲੱਗਿਆ ਸੀ। ਇਸ ਤੋਂ ਬਾਅਦ ਵਾਇਰਸ ਨੂੰ ਕਾਬੂ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਪਰ ਮਾਮਲਿਆਂ ਵਿੱਚ ਹੋ ਰਹੇ ਵਾਧੇ ਕਾਰਨ ਸਿਹਤ ਪ੍ਰਬੰਧਾਂ ਸਾਹਮਣੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ।
ਇਸ ਤੋਂ ਪਹਿਲਾਂ ਸਾਲ 2014 ਤੋਂ 2016 ਦੌਰਾਨ ਪੱਛਮੀ ਅਫ਼ਰੀਕਾ ਵਿੱਚ ਇਬੋਲਾ ਦਾ ਵੱਡਾ ਪ੍ਰਕੋਪ ਦੇਖਣ ਨੂੰ ਮਿਲਿਆ ਸੀ। ਉਸ ਸਮੇਂ ਕਈ ਦੇਸ਼ਾਂ ਵਿੱਚ 11 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸਿਹਤ ਮਾਹਰਾਂ ਵੱਲੋਂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਤੇਜ਼ੀ ਨਾਲ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
