ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇੱਕ ਮਤਾ ਪਾਸ ਕਰ ਭਾਰਤ ਸਰਕਾਰ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਕੈਦ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਦੀ ਸਥਾਪਨਾ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਕਈ ਹੋਰ ਮਹੱਤਵਪੂਰਨ ਫ਼ੈਸਲੇ ਵੀ ਲਏ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿੱਚ ਮਨਾਏ ਗਏ 550ਵੇਂ ਪ੍ਰਕਾਸ਼ ਉਤਸਵ ਮੌਕੇ ਭਾਰਤ ਸਰਕਾਰ ਨੇ ਕੁਝ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ ਇੱਕ ਇ ਤਿਹਾਸਕ ਮੌਕਾ ਹੈ, ਜਿਸ ‘ਤੇ ਭਾਰਤ ਸਰਕਾਰ ਨੂੰ ਆਪਣੇ ਵੱਲੋਂ ਲਏ ਗਏ ਫ਼ੈਸਲੇ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਇਹ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਸੰਦੇਸ਼ਾਂ, ਸਿੱਖਿਆਵਾਂ ਅਤੇ ਪ੍ਰੇਰਨਾ ਦੀ ਅਗਵਾਈ ਹੇਠ, ਸ਼੍ਰੋਮਣੀ ਕਮੇਟੀ ਹਮੇਸ਼ਾ ਮਨੁੱਖੀ ਭਲਾਈ ਦੇ ਕੰਮਾਂ ਲਈ ਯਤਨਸ਼ੀਲ ਰਹੀ ਹੈ ਅਤੇ ਇਸ ਦਿਸ਼ਾ ਵਿੱਚ, ਗੁਰੂ ਨਾਨਕ ਹਸਪਤਾਲ ਵਿੱਚ ਮਰੀਜ਼ਾਂ ਅਤੇ ਲੋੜਵੰਦਾਂ ਲਈ ਲੰਗਰ ਸੇਵਾ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਹ ਸੇਵਾ ਹਰ ਸਵੇਰ ਅਤੇ ਸ਼ਾਮ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਤੋਂ ਭੇਜੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਲਈ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਯੂਨੀਵਰਸਿਟੀ ਵੱਲੋਂ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ ਇਸਨੂੰ ਜਲਦੀ ਹੀ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਇਸ ਵਿੱਚ, ਨੌਵੇਂ ਗੁਰੂ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ‘ਤੇ ਮੌਲਿਕ ਅਤੇ ਖੋਜ ਕਾਰਜ ਕਰਨ ਦੇ ਨਾਲ-ਨਾਲ, ਗੁਰੂ ਸਾਹਿਬ ਦੀ ਪਵਿੱਤਰ ਗੁਰਬਾਣੀ ਦਾ ਦਾਰਸ਼ਨਿਕ ਅਧਿਐਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਸ਼ਚੇ ਪ੍ਰਬੰਧਕੀ ਸੇਵਾਵਾਂ ਅਕੈਡਮੀ ਅਤੇ ਨਿਸ਼ਚੇ ਜੁਡੀਸ਼ੀਅਲ ਅਕੈਡਮੀ ਦੀ ਤਰਜ਼ ‘ਤੇ, ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਿਹਾ ਸਿੱਖਿਆ ਡਾਇਰੈਕਟੋਰੇਟ ਵਿੱਦਿਅਕ ਆਧਾਰਾਂ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਰੱਖਿਆ ਅਕੈਡਮੀ ਦੀ ਪ੍ਰੀਖਿਆ ਲਈ ਤਿਆਰ ਕਰੇਗਾ। ਚੁਣੇ ਗਏ ਵਿਦਿਆਰਥੀਆਂ ਨੂੰ ਮੁਫ਼ਤ ਗ੍ਰੈਜੂਏਸ਼ਨ ਸਿੱਖਿਆ ਅਤੇ ਮਹੀਨਾਵਾਰ ਵਜ਼ੀਫ਼ਾ ਦਿੱਤਾ ਜਾਵੇਗਾ।
ਰਾਜਸਥਾਨ ਵਿੱਚ ਬੀਤੇ ਦਿਨ ਇੱਕ ਗੁਰਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦੇ ਮਾਮਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵੀ ਇਸ ਦੇਸ਼ ਦੇ ਵਾਸੀ ਹਨ ਅਤੇ ਸਿੱਖਾਂ ਨੇ ਇਸ ਦੇਸ਼ ਦੀ ਤਰੱਕੀ ਅਤੇ ਸੁਰੱਖਿਆ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਜਦੋਂ ਦੇਸ਼ ਦਾ ਸੰਵਿਧਾਨ ਸਿੱਖਾਂ ਨੂੰ ਪੰਜ ਕਕਾਰ ਰੱਖਣ ਦੀ ਇਜਾਜ਼ਤ ਦਿੰਦਾ ਹੈ, ਤਾਂ ਕੁਝ ਲੋਕਾਂ ਦੀਆਂ ਅਜਿਹੀਆਂ ਕਾਰਵਾਈਆਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਪਹਿਲਾਂ ਵੀ ਸਾਹਮਣੇ ਆਇਆ ਸੀ, ਜਿਸ ਲਈ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵੀ ਸੰਸਥਾ ਵੱਲੋਂ ਢੁਕਵੇਂ ਕਦਮ ਚੁੱਕੇ ਜਾਣਗੇ।
