ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਦੌਰਾਨ ਸਮਾਗਮਾਂ ਦੀ ਰੂਪਰੇਖਾ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਐਸਜੀਪੀਸੀ ਵੱਲੋਂ 14 ਨਵੰਬਰ 2026 ਤੋਂ 18 ਫਰਵਰੀ 2027 ਤੱਕ ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ 15 ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਰਾਹੀਂ ਸੰਗਤ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ, ਸਿੱਖਿਆਵਾਂ ਅਤੇ ਜੀਵਨ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।
ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ 19 ਅਤੇ 20 ਫਰਵਰੀ 2027 ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਇਸ ਲਈ ਐਸਜੀਪੀਸੀ ਵੱਲੋਂ ਪਹਿਲਾਂ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਮੀਟਿੰਗ ਵਿੱਚ ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਹੋਰ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਅਤੇ ਸੰਗਤ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਯੋਜਨਾ ’ਤੇ ਚਰਚਾ ਕੀਤੀ ਗਈ।
ਐਸਜੀਪੀਸੀ ਦਾ ਇਹ ਉਪਰਾਲਾ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਦਾ ਹਿੱਸਾ ਹੋਵੇਗਾ।










