ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਦੇ 1822 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਇਹ ਜਥਾ ਭਲਕੇ ਯਾਨੀ 22 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ, ਜਿਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਅੱਜ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ।
ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 1828 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਪਾਕਿਸਤਾਨੀ ਅੰਬੈਸੀ ਵੱਲੋਂ 1822 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਜਦਕਿ 6 ਸ਼ਰਧਾਲੂਆਂ ਨੂੰ ਪਾਕਿਸਤਾਨੀ ਅੰਬੈਸੀ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ।
ਸਕੱਤਰ ਸ. ਕਾਹਲਵਾਂ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਕਰਨਗੇ। ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਮੈਨੇਜਰ ਵਜੋਂ ਸ. ਲਖਬੀਰ ਸਿੰਘ ਚੀਫ-85 ਵੀ ਜਾਣਗੇ। ਇਹ ਜਥਾ ਪਾਕਿਸਤਾਨ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਤੋਂ ਬਾਅਦ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਡਿਪਟੀ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬੇਹਰਵਾਲ ਅਤੇ ਯਾਤਰਾ ਇੰਚਾਰਜ ਸ. ਸੁਖਦੀਪ ਸਿੰਘ ਵੀ ਮੌਜੂਦ ਸਨ।
