ਘੁਮਾਣ : ਕਸਬਾ ਘੁਮਾਣ ਦੇ ਨੇੜੇ ਪੈਂਦੇ ਪਿੰਡ ਸਖੋਵਾਲ ਦੇ ਡੇਰਿਆਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਤੂੜੀ ਰੱਖਣ ਵਾਲੇ ਕਮਰੇ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਘਰ ਵਿੱਚ ਇਕੱਲਾ ਰਹਿੰਦਾ ਸੀ।
ਤੂੜੀ ਵਾਲੇ ਕਮਰੇ ਵਿੱਚੋਂ ਮਿਲੀ ਲਾਸ਼
ਪਿੰਡ ਦੇ ਸਾਬਕਾ ਸਰਪੰਚ ਸਤਨਾਮ ਸਿੰਘ ਅਤੇ ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਦੀ ਲਾਸ਼ ਤੂੜੀ ਵਾਲੇ ਕਮਰੇ ਵਿੱਚ ਪਈ ਹੋਈ ਮਿਲੀ। ਲਾਸ਼ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਸੀ ਅਤੇ ਉਹ ਬੋਰੀਆਂ ਨਾਲ ਢੱਕੀ ਹੋਈ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਘੁਮਾਣ ਦੀ ਐਸਐਚਓ ਰਜਵੰਤ ਕੌਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਐਸਐਚਓ ਰਜਵੰਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਸਾਬਕਾ ਸਰਪੰਚ ਵੱਲੋਂ ਸਤਨਾਮ ਸਿੰਘ ਦੀ ਲਾਸ਼ ਮਿਲਣ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਮੌਕੇ ’ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਪੁਲਿਸ ਅਧਿਕਾਰੀ ਮੁਤਾਬਕ ਮ੍ਰਿਤਕ ਕਾਫੀ ਸਮੇਂ ਤੋਂ ਘਰ ਵਿੱਚ ਇਕੱਲਾ ਰਹਿ ਰਿਹਾ ਸੀ। ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਭੇਜਿਆ ਜਾਵੇਗਾ।
ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਤਨਾਮ ਸਿੰਘ ਦੀ ਮੌਤ ਪਿੱਛੇ ਕੋਈ ਅਪਰਾਧਿਕ ਕਾਰਨ ਸਾਹਮਣੇ ਆਉਂਦਾ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦ ਕਾਬੂ ਕੀਤਾ ਜਾਵੇ।
ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਸਮੇਤ ਹੋਰ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ।










