ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾ ਦੇ ਨਾਲ-ਨਾਲ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਗੁਰੂ ਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਮਿਹਰ ਸਦਕਾ ਉਨ੍ਹਾਂ ਨੂੰ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਅਤੇ ਪੰਥ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਸਾਰਿਆਂ ਉੱਤੇ ਗੁਰੂ ਸਾਹਿਬ ਦੀ ਮਿਹਰ ਬਣੀ ਰਹੇ।
ਰਾਮ ਤੀਰਥ ਵਿਖੇ ਜਾਣ ਅਤੇ ਸਰੋਵਰ ਵਿੱਚ ਮੱਛੀਆਂ ਛੱਡਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਪੀਕਰ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਥੇ ਵੀ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਮੁਤਾਬਕ, ਰਾਮ ਤੀਰਥ ਵਿਖੇ ਹੋਣ ਵਾਲੇ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਮੌਕੇ ਅਰਦਾਸ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮਹਾਂਪੁਰਸ਼ਾਂ ਵੱਲੋਂ ਉਨ੍ਹਾਂ ਨੂੰ ਰਾਮ ਤੀਰਥ ਵਿਖੇ ਦਰਸ਼ਨ ਕਰਨ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਉਹ ਉੱਥੇ ਪਹੁੰਚੇ। ਸਪੀਕਰ ਨੇ ਦੱਸਿਆ ਕਿ ਰਾਮ ਤੀਰਥ ਵਿਖੇ ਸਰੋਵਰ ਦੀ ਕਾਰ ਸੇਵਾ ਦੌਰਾਨ ਮੱਛੀਆਂ ਛੱਡੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਸੇਵਾ ਸਮੇਂ ਉੱਥੇ ਮੌਜੂਦ ਰਹਿਣਾ ਵੀ ਉਨ੍ਹਾਂ ਲਈ ਸੁਭਾਗ ਦੀ ਗੱਲ ਰਹੀ। ਇਸ ਦੇ ਨਾਲ ਹੀ ਆਉਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਗੱਲਬਾਤ ਹੋਈ।










