ਪਠਾਨਕੋਟ: ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਬੰਧ ਵਿੱਚ ਪਠਾਨਕੋਟ ਵਿਖੇ ਅੰਤਰਰਾਜੀ ਪੁਲਿਸ ਤਾਲਮੇਲ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ. ਅਤੇ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਕੀਤੀ ਗਈ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪੱਲਵੀ ਤੋਂ ਇਲਾਵਾ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਅਤੇ ਵੱਖ-ਵੱਖ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦਾ ਮੁੱਖ ਮਕਸਦ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਵੱਖ-ਵੱਖ ਰਾਜਾਂ ਦੀ ਪੁਲਿਸ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਸੀ।
ਮੀਟਿੰਗ ਦੌਰਾਨ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਨਾਕਾਬੰਦੀ ਕਰਨ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੀ ਰਣਨੀਤੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ।
ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੀ ਪੁਲਿਸ ਵੱਲੋਂ ਸਾਂਝੀ ਪੈਟਰੋਲਿੰਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਸਾਂਝੀ ਕਰਨ ਬਾਰੇ ਵੀ ਚਰਚਾ ਹੋਈ। ਅਧਿਕਾਰੀਆਂ ਨੇ ਰੀਅਲ-ਟਾਈਮ ਸੂਚਨਾ ਦੇ ਆਦਾਨ-ਪ੍ਰਦਾਨ ਨੂੰ ਪ੍ਰਭਾਵਸ਼ਾਲੀ ਬਣਾਉਣ ‘ਤੇ ਵੀ ਸਹਿਮਤੀ ਜਤਾਈ।
ਇਸ ਮੌਕੇ IG ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਵੱਖ-ਵੱਖ ਰਾਜਾਂ ਦੀ ਪੁਲਿਸ ਵਿਚਕਾਰ ਨਜ਼ਦੀਕੀ ਤਾਲਮੇਲ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਨਾਕਾਬੰਦੀ, ਚੈਕਿੰਗ ਅਤੇ ਪੈਟਰੋਲਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ‘ਤੇ ਵੀ ਸਖ਼ਤ ਨਿਗਰਾਨੀ ਰੱਖੀ ਜਾਵੇਗੀ।
ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਵੱਲੋਂ ਚੋਣਾਂ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਹਰ ਲੋੜੀਂਦਾ ਪ੍ਰਬੰਧ ਕੀਤਾ ਜਾਵੇਗਾ।










