ਫ਼ਿਰੋਜ਼ਪੁਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ: ਅਮਨਦੀਪ ਕੌਰ ਨੇ ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਮਾਈਨਿੰਗ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਇੱਕ ਹੋਰ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਭਰ ਵਿੱਚ ਐਚ.ਐਚ-1 ਅਤੇ ਐਕਸ ਦਵਾਈਆਂ ਵੇਚਣ ਵਾਲੀਆਂ ਫਾਰਮੇਸੀ ਅਤੇ ਕੈਮਿਸਟ ਦੀਆਂ ਦੁਕਾਨਾਂ ਨੂੰ ਆਪਣੀਆਂ ਫਾਰਮੇਸੀਆਂ ਅਤੇ ਦੁਕਾਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਵਿਸ਼ੇਸ਼ ਹੁਕਮਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਬੋਰਵੈੱਲਾਂ ਅਤੇ ਟਿਊਬਵੈੱਲਾਂ ਦੀ ਖੁਦਾਈ ਅਤੇ ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਨਾਂ ਮਨਜ਼ੂਰੀ ਤੋਂ ਕੱਚੇ ਖੂਹ ਅਤੇ ਟਿਊਬਵੈੱਲਾਂ ਦੀ ਖੁਦਾਈ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੋਰਵੈੱਲ ਪੁੱਟਣ ਤੋਂ ਪਹਿਲਾਂ ਜ਼ਮੀਨ ਮਾਲਕ ਵੱਲੋਂ ਸਬੰਧਤ ਜ਼ਿਲ੍ਹਾ ਕੁਲੈਕਟਰ, ਬੀ.ਡੀ.ਪੀ.ਓ., ਸਬੰਧਤ ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਅਤੇ ਜ਼ਮੀਨੀ ਪਾਣੀ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੈ। ਇਹ ਪਾਬੰਦੀ ਦੇ ਹੁਕਮ ਅਗਲੇ 2 ਮਹੀਨਿਆਂ ਤੱਕ ਜ਼ਿਲ੍ਹੇ ਭਰ ਵਿੱਚ ਲਾਗੂ ਰਹਿਣਗੇ।
