ਮੁੰਬਈ: ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਹਲਚਲ ਮਚ ਗਈ ਹੈ। ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (UBT) ਵਿੱਚ ਨਵੀਂ ਫੁੱਟ ਦੀਆਂ ਅਟਕਲਾਂ ਨੇ ਜ਼ੋਰ ਫੜ ਲਿਆ ਹੈ। ਇਸ ਦਰਮਿਆਨ ਸ਼ਿੰਦੇ ਧੜੇ ਦੇ ਵਿਧਾਨ ਪਰਿਸ਼ਦ ਮੈਂਬਰ ਕ੍ਰਿਪਾਲ ਤੁਮਾਨੇ ਨੇ ਦਾਅਵਾ ਕੀਤਾ ਹੈ ਕਿ ਊਧਵ ਠਾਕਰੇ ਗੁੱਟ ਦੇ ਸੱਤ ਸੰਸਦ ਮੈਂਬਰ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਜਲਦ ਹੀ ਪਾਰਟੀ ਛੱਡ ਕੇ ਸ਼ਿੰਦੇ ਧੜੇ ਵਿੱਚ ਸ਼ਾਮਲ ਹੋ ਸਕਦੇ ਹਨ।
ਏਐਨਆਈ ਨਾਲ ਗੱਲਬਾਤ ਦੌਰਾਨ ਕ੍ਰਿਪਾਲ ਤੁਮਨੇ ਨੇ ਕਿਹਾ ਕਿ ‘ਆਪ੍ਰੇਸ਼ਨ ਟਾਈਗਰ’ ਦੇ ਤਹਿਤ ਪਿਛਲੇ ਇੱਕ ਮਹੀਨੇ ਤੋਂ ਗੱਲਬਾਤ ਜਾਰੀ ਹੈ ਅਤੇ ਹੁਣ ਇਹ ਪ੍ਰਕਿਰਿਆ ਆਪਣੇ ਆਖਰੀ ਪੜਾਅ ਵਿੱਚ ਪਹੁੰਚ ਚੁੱਕੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਈ ਵੱਡੇ ਨੇਤਾ ਸ਼ਿੰਦੇ ਧੜੇ ਦਾ ਦਾਮਨ ਫੜ ਸਕਦੇ ਹਨ, ਜਿਸ ਨਾਲ ਊਧਵ ਠਾਕਰੇ ਦੀ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ।
ਇਨ੍ਹਾਂ ਦਾਵਿਆਂ ਦੇ ਵਿਚਕਾਰ ਊਧਵ ਠਾਕਰੇ ਨੇ 14 ਜੂਨ ਨੂੰ ਆਪਣੇ ਸੰਸਦ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਬੁਲਾਈ। ਮੀਡੀਆ ਰਿਪੋਰਟਾਂ ਮੁਤਾਬਕ ਮੀਟਿੰਗ ਦੌਰਾਨ ਉਨ੍ਹਾਂ ਨੇ ਸਪੱਸ਼ਟ ਸੰਦੇਸ਼ ਦਿੰਦਿਆਂ ਕਿਹਾ ਕਿ ਜੇ ਕੋਈ ਨੇਤਾ ਜਾਂ ਸੰਸਦ ਮੈਂਬਰ ਪਾਰਟੀ ਛੱਡਣਾ ਚਾਹੁੰਦਾ ਹੈ ਤਾਂ ਉਸ ਨੂੰ ਰੋਕਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਜਾਣਾ ਚਾਹੁੰਦੇ ਹਨ, ਉਹ ਖੁਸ਼ੀ ਨਾਲ ਜਾ ਸਕਦੇ ਹਨ।
ਊਧਵ ਠਾਕਰੇ ਨੇ 2022 ਵਿੱਚ ਸ਼ਿਵ ਸੈਨਾ ਵਿੱਚ ਹੋਈ ਵੱਡੀ ਬਗਾਵਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਉਨ੍ਹਾਂ ਨੂੰ ਪਾਰਟੀ ਅੰਦਰ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸੀ, ਪਰ ਉਨ੍ਹਾਂ ਕਿਸੇ ‘ਤੇ ਦਬਾਅ ਬਣਾਉਣ ਜਾਂ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਠਾਕਰੇ ਨੇ ਸੰਕੇਤ ਦਿੱਤਾ ਕਿ ਪਾਰਟੀ ਵਿੱਚ ਰਹਿਣਾ ਜਾਂ ਛੱਡਣਾ ਹਰ ਨੇਤਾ ਦਾ ਨਿੱਜੀ ਫੈਸਲਾ ਹੈ।
ਜੇਕਰ ਸ਼ਿੰਦੇ ਧੜੇ ਦਾ ਦਾਅਵਾ ਸਹੀ ਸਾਬਤ ਹੁੰਦਾ ਹੈ ਤਾਂ ਇਹ ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਇੱਕ ਹੋਰ ਵੱਡਾ ਬਦਲਾਅ ਸਾਬਤ ਹੋ ਸਕਦਾ ਹੈ। ਹਾਲਾਂਕਿ, ਅਜੇ ਤੱਕ ਸ਼ਿਵ ਸੈਨਾ (ਯੂਬੀਟੀ) ਦੇ ਕਿਸੇ ਵੀ ਸੰਸਦ ਮੈਂਬਰ ਨੇ ਖੁੱਲ੍ਹੇ ਤੌਰ ‘ਤੇ ਧੜਾ ਬਦਲਣ ਦੀ ਪੁਸ਼ਟੀ ਨਹੀਂ ਕੀਤੀ ਹੈ।
ਹੁਣ ਸਿਆਸੀ ਨਜ਼ਰਾਂ ਮਾਨਸੂਨ ਸੈਸ਼ਨ ਤੋਂ ਪਹਿਲਾਂ ਹੋਣ ਵਾਲੀਆਂ ਸੰਭਾਵਿਤ ਸਿਆਸੀ ਹਲਚਲਾਂ ‘ਤੇ ਟਿਕੀਆਂ ਹੋਈਆਂ ਹਨ, ਜੋ ਮਹਾਰਾਸ਼ਟਰ ਦੀ ਰਾਜਨੀਤੀ ਦੀ ਦਿਸ਼ਾ ਬਦਲ ਸਕਦੀਆਂ ਹਨ।
