Home ਪੰਜਾਬ ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੂੰ ਦਰੜਿਆ , ਇੱਕ ਦੀ...

ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੂੰ ਦਰੜਿਆ , ਇੱਕ ਦੀ ਮੌਤ

0

ਫਾਜ਼ਿਲਕਾ: ਅਬੋਹਰ-ਫਾਜ਼ਿਲਕਾ ਨੈਸ਼ਨਲ ਹਾਈਵੇ ‘ਤੇ ਬੁਰਜ ਮੁਹਾਰ ਬਾਈਪਾਸ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਨਾਗਪਾਲ ਟਰਾਂਸਪੋਰਟ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪਿੰਡ ਘੱਲੂ ਦੇ ਰਹਿਣ ਵਾਲੇ ਮਜ਼ਦੂਰ ਗੁਰਮੀਤ ਸਿੰਘ ਦੀ ਮੌਤ ਹੋ ਗਈ, ਜੋ 4 ਛੋਟੀਆਂ ਧੀਆਂ ਦਾ ਪਿਤਾ ਸੀ।

ਹਾਦਸੇ ਤੋਂ ਬਾਅਦ ਬੱਸ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਕਰੀਬ 4-5 ਕਿਲੋਮੀਟਰ ਦੂਰ ਪਿੰਡ ਡੰਗਰ ਖੇੜਾ ਨੇੜੇ ਘੇਰ ਕੇ ਰੋਕ ਲਿਆ। ਹਾਲਾਂਕਿ, ਬੱਸ ਦਾ ਡਰਾਈਵਰ ਅਤੇ ਕੰਡਕਟਰ ਸਵਾਰੀਆਂ ਨੂੰ ਵਿਚਕਾਰ ਰਸਤੇ ਵਿੱਚ ਛੱਡ ਕੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ SSF (ਸੜਕ ਸੁਰੱਖਿਆ ਫੋਰਸ) ਦੀ ਟੀਮ ਮੌਕੇ ‘ਤੇ ਪਹੁੰਚ ਗਈ। SSF ਅਧਿਕਾਰੀ ਏ.ਐਸ.ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਹਾਦਸਾ ਬੁਰਜ ਮੁਹਾਰ ਬਾਈਪਾਸ ਨੇੜੇ ਵਾਪਰਿਆ ਸੀ। ਉਨ੍ਹਾਂ ਨੇ ਗੰਭੀਰ ਰੂਪ ਵਿੱਚ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।

ਹਾਦਸੇ ਤੋਂ ਬਾਅਦ ਪਿੰਡ ਘੱਲੂ ਅਤੇ ਨੇੜਲੇ ਪਿੰਡ ਖੀਪਾਂਵਾਲੀ ਦੇ ਲੋਕ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋ ਗਏ ਅਤੇ ਪੁਲਸ ਪ੍ਰਸ਼ਾਸਨ ਤੇ ਬੱਸ ਕੰਪਨੀ ਖ਼ਿਲਾਫ਼ ਆਪਣਾ ਸਖ਼ਤ ਰੋਸ ਜ਼ਾਹਰ ਕੀਤਾ।

ਸਥਾਨਕ ਵਸਨੀਕ ਓਮ ਪ੍ਰਕਾਸ਼ ਨੇ ਦੱਸਿਆ ਕਿ ਮ੍ਰਿਤਕ ਗੁਰਮੀਤ ਸਿੰਘ ਆਪਣੇ ਮੋਟਰਸਾਈਕਲ ‘ਤੇ ਸੜਕ ਦੇ ਬਿਲਕੁਲ ਕਿਨਾਰੇ ਹੌਲੀ ਰਫ਼ਤਾਰ ਨਾਲ ਜਾ ਰਿਹਾ ਸੀ, ਪਰ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਨਾਗਪਾਲ ਟਰਾਂਸਪੋਰਟ ਦੀ ਬੱਸ (ਨੰਬਰ PB 22 K 4491) ਨੇ ਉਸ ਨੂੰ ਟੱਕਰ ਮਾਰ ਦਿੱਤੀ।

ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਾਈਵੇਟ ਬੱਸਾਂ ਦੇ ਚਾਲਕ ਬੇਲਗਾਮ ਰਫ਼ਤਾਰ ਨਾਲ ਵਾਹਨ ਚਲਾਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਨੈਸ਼ਨਲ ਹਾਈਵੇ ਦਾ ਨਿਰਮਾਣ ਕਰ ਰਹੇ ਠੇਕੇਦਾਰ ਦੀ ਲਾਪਰਵਾਹੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਵਿਸ ਰੋਡ ਤਿਆਰ ਕੀਤੇ ਬਿਨਾਂ ਹੀ ਸੜਕ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ, ਜਿਸ ਕਾਰਨ ਫਿਸਲਣ ਹੋਣ ਨਾਲ ਆਏ ਦਿਨ ਹਾਦਸੇ ਵਾਪਰ ਰਹੇ ਹਨ।

ਪਿੰਡ ਵਾਸੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪਿਛਲੇ ਸਾਲ ਵੀ ਇਸੇ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਪਿੰਡ ਘੱਲੂ ਦੇ ਇੱਕ ਮਿਸਤਰੀ ਦੀ ਜਾਨ ਲੈ ਲਈ ਸੀ, ਪਰ ਉਸ ਸਮੇਂ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਸੀ।

ਪੀੜਤ ਪਰਿਵਾਰ ਅਤੇ ਗ੍ਰਾਮ ਪੰਚਾਇਤ ਨੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀਆਂ ਚਾਰ ਮਾਸੂਮ ਧੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਫ਼ਰਾਰ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਰੂਟ ‘ਤੇ ਚੱਲਣ ਵਾਲੀਆਂ ਪ੍ਰਾਈਵੇਟ ਬੱਸਾਂ ਦੇ ਦਸਤਾਵੇਜ਼ਾਂ ਅਤੇ ਫਿਟਨੈੱਸ ਦੀ ਜਾਂਚ ਕੀਤੀ ਜਾਵੇ।

ਦੂਜੇ ਪਾਸੇ, ਮੌਕੇ ‘ਤੇ ਪਹੁੰਚੇ ਥਾਣਾ ਸਦਰ ਅਬੋਹਰ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸਾਗ੍ਰਸਤ ਬੱਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬੱਸ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲਾ ਦਰਜ ਕੀਤਾ ਜਾਵੇਗਾ। ਜਾਂਚ ਦੌਰਾਨ ਬੱਸ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version