ਅੰਮ੍ਰਿਤਸਰ: ਖੰਡਵਾਲਾ ਇਲਾਕੇ ਨੇੜੇ ਬੀਤੀ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਅੰਮ੍ਰਿਤਸਰ ਤੋਂ ਛੇਹਰਟਾ ਵੱਲ ਜਾ ਰਹੀ ਤੇਜ਼ ਰਫ਼ਤਾਰ ਇਨੋਵਾ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ’ਤੇ ਮੌਜੂਦ ਕਈ ਲੋਕਾਂ ਨੂੰ ਟੱਕਰ ਮਾਰਨ ਤੋਂ ਬਾਅਦ ਇੱਕ ਈ-ਰਿਕਸ਼ਾ ਨਾਲ ਜਾ ਟਕਰਾਈ। ਹਾਦਸੇ ਵਿੱਚ ਈ-ਰਿਕਸ਼ਾ ਚਾਲਕ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਸੂਚਨਾ ਹੈ, ਜਦਕਿ ਕੁਝ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਇਨੋਵਾ ਖੰਡਵਾਲਾ ਨੇੜਿਓਂ ਲੰਘ ਰਹੀ ਸੀ। ਇਸੇ ਦੌਰਾਨ ਕਾਰ ਬੇਕਾਬੂ ਹੋ ਗਈ ਅਤੇ ਰਸਤੇ ਵਿੱਚ ਆ ਰਹੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈਂਦੀ ਹੋਈ ਈ-ਰਿਕਸ਼ਾ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।
ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਈ-ਰਿਕਸ਼ਾ ਚਾਲਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਦਾਅਵਾ ਕੀਤਾ ਕਿ ਇਨੋਵਾ ਚਾਲਕ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾ ਰਿਹਾ ਸੀ। ਹਾਲਾਂਕਿ ਇਸ ਦੀ ਅਜੇ ਪੁਲਸ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।
ਪੁਲਸ ਵੱਲੋਂ ਚਾਲਕ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਨਸ਼ੇ ਸਬੰਧੀ ਦਾਅਵੇ ਦੀ ਸਥਿਤੀ ਸਪੱਸ਼ਟ ਹੋਵੇਗੀ। ਇਸ ਦੇ ਨਾਲ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਪੁਲਸ ਵੱਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਾਦਸੇ ਤੋਂ ਪਹਿਲਾਂ ਵਾਹਨ ਦੀ ਰਫ਼ਤਾਰ ਅਤੇ ਪੂਰੀ ਘਟਨਾ ਦੀ ਸਹੀ ਜਾਣਕਾਰੀ ਸਾਹਮਣੇ ਆ ਸਕੇ।
