ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਹਲਕਾ ਭਦੌੜ ਵਿੱਚ ਵੀ ਵੱਡੇ ਪੱਧਰ ‘ਤੇ ਖੇਡ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ, ਜਿੱਥੇ 20 ਕਰੋੜ ਰੁਪਏ ਨਾਲ 40 ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾਣਗੇ।
ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਸ਼ਹਿਣਾ ਨੇੜੇ ਪਿੰਡ ਸੰਧੂ ਕਲਾਂ ਵਿੱਚ ਬਣਾਏ ਜਾ ਰਹੇ ਖੇਡ ਮੈਦਾਨ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਖੇਡਾਂ ਲਈ ਉਤਸ਼ਾਹਿਤ ਕਰਨਾ ਹੈ।
ਵਿਧਾਇਕ ਉਗੋਕੇ ਨੇ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਪਿੰਡ ਸੰਧੂ ਕਲਾਂ ਵਿੱਚ 44 ਲੱਖ ਰੁਪਏ ਦੀ ਲਾਗਤ ਨਾਲ ਇੱਕ ਵੱਡਾ ਖੇਡ ਮੈਦਾਨ ਅਤੇ 23 ਲੱਖ ਰੁਪਏ ਦੀ ਲਾਗਤ ਨਾਲ ਵਾਲੀਬਾਲ ਦਾ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ। ਕ੍ਰਿਕਟ ਖੇਡਣ ਵਾਲੇ ਖਿਡਾਰੀਆਂ ਲਈ ਇੱਕ ਵਿਸ਼ੇਸ਼ ਮਿਆਰੀ ਟਰੈਕ ਵੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਖੇਡ ਮੈਦਾਨਾਂ ਵਿੱਚ ਵਾਲੀਬਾਲ, ਟਰੈਕ, ਕ੍ਰਿਕਟ, ਨੈੱਟਬਾਲ, ਕਬੱਡੀ ਅਤੇ ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਲਈ ਸਹੂਲਤਾਂ ਹੋਣਗੀਆਂ, ਤਾਂ ਜੋ ਪੰਜਾਬ ਦੇ ਨੌਜਵਾਨ ਸਖ਼ਤ ਮਿਹਨਤ ਕਰ ਸਕਣ ਅਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਲਾਭ ਸਿੰਘ ਉਗੋਕੇ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ, ਉੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣਾ ਬਹੁਤ ਜ਼ਰੂਰੀ ਹੈ। ਵਿਧਾਇਕ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਨ੍ਹਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਇਨ੍ਹਾਂ ਖੇਡ ਮੈਦਾਨਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਜੇਕਰ ਨੌਜਵਾਨ ਇਨ੍ਹਾਂ ਮੈਦਾਨਾਂ ਵਿੱਚ ਖੇਡਣ ਲਈ ਆਉਂਦੇ ਹਨ, ਤਾਂ ਉਹ ਯਕੀਨੀ ਤੌਰ ‘ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ, ਜੋ ਕਿ ਇੱਕ ਵੱਡਾ ਸਮਾਜਿਕ ਸੰਦੇਸ਼ ਹੈ।
ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨੌਜਵਾਨਾਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕੀਤਾ ਅਤੇ ਇਸ ਪਹਿਲਕਦਮੀ ਨੂੰ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੇ ਭਵਿੱਖ ਲਈ ਮਹੱਤਵਪੂਰਨ ਦੱਸਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਪ੍ਰਗਟ ਸਿੰਘ ਮੋਡ, ਹਰਦੀਪ ਸਿੰਘ ਹੈਰੀ ਅਤੇ ਹੋਰ ਬਹੁਤ ਸਾਰੇ ਪਤਵੰਤੇ ਅਤੇ ਪਿੰਡ ਵਾਸੀ ਮੌਜੂਦ ਸਨ।
