ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਦੁਰਗਾ ਪੂਜਾ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੋਰਬਾਗਾਨ ਸਰਬਜਨਿਨ ਦੁਰਗਾ ਪੂਜਾ ਪੰਡਾਲ ਵਿੱਚ ਭਾਰੀ ਭੀੜ ਅਤੇ ਤੇਜ਼ ਬਾਰਿਸ਼ ਕਾਰਨ ਭਾਜੜ ਮਚ ਗਈ। ਇਸ ਘਟਨਾ ਵਿੱਚ 17 ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੀਬ 40 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਤੇਜ਼ ਬਾਰਿਸ਼ ਕਾਰਨ ਪੰਡਾਲ ’ਚ ਮਚੀ ਭਾਜੜ
ਜਾਣਕਾਰੀ ਅਨੁਸਾਰ, ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 7:40 ਵਜੇ ਗਿਰੀਸ਼ ਪਾਰਕ ਥਾਣਾ ਖੇਤਰ ਅਧੀਨ ਆਉਂਦੇ ਸ਼ਾਰਦਾ ਪਾਰਕ ਦੇ ਪੂਜਾ ਪੰਡਾਲ ਵਿੱਚ ਵਾਪਰੀ। ਦੁਰਗਾ ਮਾਤਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਹੋਏ ਸਨ।
ਇਸੇ ਦੌਰਾਨ ਤੇਜ਼ ਬਾਰਿਸ਼ ਸ਼ੁਰੂ ਹੋਣ ਕਾਰਨ ਲੋਕ ਬਾਹਰ ਨਿਕਲਣ ਲਈ ਐਗਜ਼ਿਟ ਗੇਟ ਵੱਲ ਵਧਣ ਲੱਗੇ। ਭੀੜ ਦਾ ਦਬਾਅ ਵਧਣ ਕਾਰਨ ਉੱਥੇ ਹਫੜਾ-ਦਫੜੀ ਮਚ ਗਈ। ਕਈ ਲੋਕ ਡਿੱਗ ਪਏ ਅਤੇ ਇਸ ਘਟਨਾ ਵਿੱਚ ਜਾਨੀ ਨੁਕਸਾਨ ਹੋਇਆ।
ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਪੰਡਾਲ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤਾ। ਰਿਪੋਰਟ ਮੁਤਾਬਕ, ਪੂਜਾ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ ਦੇਣ ਦੀ ਗੱਲ ਵੀ ਸਾਹਮਣੇ ਆਈ ਹੈ।
PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
ਇਸ ਦੁਖਦਾਈ ਘਟਨਾ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਮੇਤ ਹੋਰ ਆਗੂਆਂ ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਅਮਿਤ ਸ਼ਾਹ ਨੇ ਰੱਦ ਕੀਤੇ ਐਤਵਾਰ ਦੇ ਸਾਰੇ ਪ੍ਰੋਗਰਾਮ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ਵਿੱਚ ਵਾਪਰੀ ਭਾਜੜ ’ਤੇ ਅਫ਼ਸੋਸ ਜਤਾਇਆ ਹੈ। ਉਨ੍ਹਾਂ ਨੇ ਇਸ ਘਟਨਾ ਤੋਂ ਬਾਅਦ ਐਤਵਾਰ ਲਈ ਤੈਅ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਨ ਦਾ ਫ਼ੈਸਲਾ ਕੀਤਾ।
ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਸਥਿਤੀ ਬਾਰੇ ਸਬੰਧਤ ਆਗੂਆਂ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਨੂੰ ਮਿਲਣ ਲਈ ਹਸਪਤਾਲ ਜਾਣ ਦੀ ਗੱਲ ਕਹੀ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਵੀ ਕੀਤੀ।
ਜ਼ਖ਼ਮੀਆਂ ਦੇ ਇਲਾਜ ਦਾ ਲਿਆ ਜਾਇਜ਼ਾ
ਘਟਨਾ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਦੂਜੇ ਪਾਸੇ, ਤ੍ਰਿਣਮੂਲ ਕਾਂਗਰਸ (TMC) ਵੱਲੋਂ ਸੁਰੱਖਿਆ ਪ੍ਰਬੰਧਾਂ ਅਤੇ ਭੀੜ ਨੂੰ ਕਾਬੂ ਕਰਨ ਵਿੱਚ ਕਥਿਤ ਲਾਪਰਵਾਹੀ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਹਾਦਸੇ ਦੇ ਕਾਰਨਾਂ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਪੂਰੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।