Home ਪੰਜਾਬ ਮਿਲਾਵਟਖੋਰਾਂ ਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਾ. ਹਿਮਾਂਸ਼ੂ...

ਮਿਲਾਵਟਖੋਰਾਂ ਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਾ. ਹਿਮਾਂਸ਼ੂ ਅਗਰਵਾਲ

0

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਪਟਿਆਲਾ ਵਿਚ ਫੂਡ ਟੂਰੀਜ਼ਮ ਨੂੰ ਵਿਕਸਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਫੂਡ ਸੇਫਟੀ ਵਿਭਾਗ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਫੂਡ ਸੇਫ਼ਟੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਓਪਰੇਟਰਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਣ ਦੇ ਹੁਕਮ ਦਿੱਤੇ। ਓਹਨਾ ਸਪਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਫੂਡ ਸੇਫ਼ਟੀ ਟੀਮ ਨੂੰ ਸ਼ਹਿਰ ਵਿੱਚ ਸਟ੍ਰੀਟ ਫੂਡ ਵੈਂਡਰਾਂ ਦੀ ਲਗਾਤਾਰ ਚੈਕਿੰਗ ਕਰਨ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਵਰਤੇ ਜਾ ਰਹੇ ਪਾਣੀ ਦੀ ਗੁਣਵੱਤਾ ਦੀ ਜਾਂਚ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਲੋਕਾਂ ਨੂੰ ਗੰਦੇ ਅਤੇ ਦੂਸ਼ਿਤ ਪਾਣੀ ਤੋਂ ਬਚਾਇਆ ਜਾ ਸਕੇ।ਉਨ੍ਹਾਂ ਫੂਡ ਸੇਫ਼ਟੀ ਵਿਭਾਗ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਵੀ ਕੀਤੀ ਅਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡੀ.ਸੀ. ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਰੇਹੜੀ-ਫੜੀ ਵਾਲਿਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ। ਓਹਨਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਦੀ ਉਤਪਾਦਨ ਅਤੇ ਵਿਕਰੀ ਕਰਨ ਵਾਲੀਆਂ ਇਕਾਈਆਂ ਦੀ ਚੈਕਿੰਗ ਅਤੇ ਫੂਡ ਸੈਂਪਲਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।ਓਹਨਾ ਕਿਹਾ ਕਿ ਸੁਰੱਖਿਅਤ ਅਤੇ ਸਿਹਤਮੰਦ ਖੁਰਾਕ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਸਾਰੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਹੀ ਵਧੀਆ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।

ਮੀਟਿੰਗ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਸੇਫ਼ਟੀ ਵਿਭਾਗ ਵੱਲੋਂ “ਈਟ ਰਾਈਟ ਕੈਂਪਸ”, “ਈਟ ਰਾਈਟ ਸਕੂਲ” ਅਤੇ “ਈਟ ਰਾਈਟ ਸਟੇਸ਼ਨ” ਪ੍ਰੋਗਰਾਮਾਂ ਤਹਿਤ ਸਿਹਤਮੰਦ ਖੁਰਾਕ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਸਕੂਲਾਂ, ਕੈਂਪਾਂ ਅਤੇ ਸਰਕਾਰੀ ਥਾਵਾਂ ‘ਤੇ ਜਾਗਰੂਕਤਾ ਸੈਸ਼ਨ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ “ਫੂਡ ਸੇਫਟੀ ਔਨ ਵਹੀਲਸ” ਮੁਹਿੰਮ ਤਹਿਤ 168 ਸੈਂਪਲਾਂ ਦੀ ਜਾਂਚ ਕੀਤੀ ਗਈ ਅਤੇ 7 ਜਾਗਰੂਕਤਾ ਕੈਂਪ ਲਗਾਏ ਗਏ।

ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਗੁਰਪ੍ਰੀਤ ਕੌਰ , ਸਿਹਤ ਅਫ਼ਸਰ ਗੌਰਵ ਕੁਮਾਰ, ਤਰੁਣ ਬਾਂਸਲ, ਜਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version