ਫਿਰੋਜ਼ਪੁਰ: ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫਟੀ ਵਿਭਾਗ ਵੱਲੋਂ ਫਿਰੋਜ਼ਪੁਰ ਏਰੀਆ-1 ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ ਕਰਕੇ ਸਫਾਈ ਅਤੇ ਫੂਡ ਸੇਫਟੀ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨੂੰ ਪਰਖਿਆ ਗਿਆ।
ਵਿਭਾਗੀ ਟੀਮ ਵੱਲੋਂ ਮੁਹਿੰਮ ਤਹਿਤ ਕੁੱਲ 5 ਦੁਕਾਨਾਂ ਦੀ ਇੰਸਪੈਕਸ਼ਨ ਕੀਤੀ ਗਈ। ਇਨ੍ਹਾਂ ਵਿੱਚ 2 ਮਿਠਾਈਆਂ ਦੀਆਂ ਦੁਕਾਨਾਂ ਅਤੇ 3 ਬੇਕਰੀਆਂ ਸ਼ਾਮਲ ਸਨ। ਅਧਿਕਾਰੀਆਂ ਨੇ ਦੁਕਾਨਾਂ ਵਿੱਚ ਸਫਾਈ ਦੇ ਪ੍ਰਬੰਧ, ਖਾਣ-ਪੀਣ ਦੀਆਂ ਵਸਤੂਆਂ ਦੀ ਸਟੋਰੇਜ, ਗੁਣਵੱਤਾ ਅਤੇ ਫੂਡ ਸੇਫਟੀ ਦੇ ਹੋਰ ਲਾਜ਼ਮੀ ਮਾਪਦੰਡਾਂ ਦੀ ਜਾਂਚ ਕੀਤੀ।
ਆਨਲਾਈਨ ਸ਼ਿਕਾਇਤ ਵਾਲੀ ਦੁਕਾਨ ਦੀ ਵੀ ਜਾਂਚ
ਫੂਡ ਸੇਫਟੀ ਵਿਭਾਗ ਨੂੰ ਮਿਲੀ ਇੱਕ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਸਬੰਧਤ ਦੁਕਾਨ ਦਾ ਵੀ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਗਿਆ। ਜਾਂਚ ਦੌਰਾਨ ਸਾਹਮਣੇ ਆਈਆਂ ਉਲੰਘਣਾਵਾਂ ਦੇ ਸਬੰਧ ਵਿੱਚ ਦੁਕਾਨ ਦਾ ਚਲਾਨ ਕੀਤਾ ਗਿਆ।
ਇਸ ਤੋਂ ਇਲਾਵਾ ਨਿਯਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਲਈ ਸਬੰਧਤ ਫੂਡ ਬਿਜ਼ਨਸ ਓਪਰੇਟਰਾਂ ਨੂੰ 2 ਇੰਪਰੂਵਮੈਂਟ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਲੋਕਾਂ ਦੀ ਸਿਹਤ ਨਾਲ ਸਮਝੌਤਾ ਨਹੀਂ
ਫੂਡ ਸੇਫਟੀ ਵਿਭਾਗ ਨੇ ਸਪੱਸ਼ਟ ਕੀਤਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ, ਸਫਾਈ ਅਤੇ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕਾਂ ਨੂੰ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਲਈ ਅਜਿਹੀਆਂ ਜਾਂਚ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
