ਰੇਵਾੜੀ : ਪੇਪਰ ਲੀਕ ਮਾਮਲੇ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਦੀ ਗੂੰਜ ਹੁਣ ਰੇਵਾੜੀ ਤੱਕ ਪਹੁੰਚ ਗਈ ਹੈ। ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਸੈਂਕੜੇ ਵਿਦਿਆਰਥੀ ਸੜਕਾਂ ‘ਤੇ ਉਤਰ ਆਏ ਅਤੇ ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਕਾਰਨ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੇਪਰ ਲੀਕ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਰਤੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ। ਪ੍ਰਦਰਸ਼ਨ ਦੌਰਾਨ ਸੁਰੱਖਿਆ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਨੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਸੀ। ਬਾਅਦ ਵਿੱਚ ਵਿਦਿਆਰਥੀ ਜਥੇਬੰਦੀਆਂ ਦੇ ਵਫ਼ਦ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀ.ਸੀ.) ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪਿਆ।
ਮੰਗ ਪੱਤਰ ਵਿੱਚ ਦਿੱਲੀ ਵਿੱਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਨਿਰਪੱਖ ਜਾਂਚ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਤੇ ਨਿਰਪੱਖ ਬਣਾਉਣ ਦੀ ਮੰਗ ਕੀਤੀ ਗਈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਉਹ ਆਪਣੇ ਭਵਿੱਖ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾ ਰਹੇ ਹਨ ਅਤੇ ਨਿਰਪੱਖ ਪ੍ਰੀਖਿਆਵਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ’ਤੇ ਤਾਕਤ ਦੀ ਵਰਤੋਂ ਕੀਤੀ ਗਈ, ਜੋ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੇਪਰ ਲੀਕ ਮਾਫੀਆ ਵਿਰੁੱਧ ਕਾਰਗਰ ਕਾਰਵਾਈ ਨਾ ਕੀਤੀ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਤਾਂ ਅੰਦੋਲਨ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ।
