ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਰਡ ਪ੍ਰੀਖਿਆਵਾਂ ਵਿੱਚ ਇੱਕੋ ਜਿਹੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਟਾਪਰ ਰੈਂਕਿੰਗ ਸਿਸਟਮ ਵਿੱਚ ਵੱਡਾ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਹੁਣ ਭਵਿੱਖ ਵਿੱਚ ਜੇਕਰ ਦੋ ਜਾਂ ਇਸ ਤੋਂ ਵੱਧ ਵਿਦਿਆਰਥੀ ਇੱਕੋ ਜਿਹੇ ਅੰਕ ਹਾਸਲ ਕਰਦੇ ਹਨ ਤਾਂ ਉਨ੍ਹਾਂ ਨੂੰ ਜਨਮ ਮਿਤੀ ਦੇ ਆਧਾਰ ‘ਤੇ ਵੱਖ-ਵੱਖ ਰੈਂਕ ਨਹੀਂ ਦਿੱਤੇ ਜਾਣਗੇ, ਸਗੋਂ ਸਾਰੇ ਵਿਦਿਆਰਥੀਆਂ ਨੂੰ ਬਰਾਬਰ ਰੈਂਕ ਅਤੇ ਬਰਾਬਰ ਸਨਮਾਨ ਮਿਲੇਗਾ।
ਇਹ ਐਲਾਨ ਐਤਵਾਰ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦੌਰਾਨ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਨੇ ਟਾਪਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਤਜਰਬੇ ਸੁਣੇ। ਇਸ ਦੌਰਾਨ ਇੱਕ ਵਿਦਿਆਰਥਣ ਨੇ ਮੌਜੂਦਾ ਰੈਂਕਿੰਗ ਪ੍ਰਣਾਲੀ ਨਾਲ ਜੁੜੀ ਸਮੱਸਿਆ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀ।
ਵਿਦਿਆਰਥਣ ਨੇ ਦੱਸਿਆ ਕਿ ਉਸਦੇ ਜ਼ਿਲ੍ਹੇ ਵਿੱਚ ਤਿੰਨ ਵਿਦਿਆਰਥੀਆਂ ਨੇ ਇੱਕੋ ਜਿਹੇ ਅੰਕ ਪ੍ਰਾਪਤ ਕੀਤੇ ਸਨ, ਪਰ ਬੋਰਡ ਵੱਲੋਂ ਜਨਮ ਮਿਤੀ ਦੇ ਆਧਾਰ ‘ਤੇ ਉਨ੍ਹਾਂ ਨੂੰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਦਿੱਤਾ ਗਿਆ। ਇਸ ਕਾਰਨ ਸਿਰਫ਼ ਪਹਿਲੇ ਸਥਾਨ ਵਾਲੇ ਵਿਦਿਆਰਥੀ ਨੂੰ ਹੀ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ, ਜਦਕਿ ਬਾਕੀ ਦੋ ਵਿਦਿਆਰਥੀ ਇਸ ਮਾਣ ਤੋਂ ਵਾਂਝੇ ਰਹਿ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਨਵਾਂ ਨਿਯਮ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੇ ਇੱਕੋ ਜਿਹੀ ਮਿਹਨਤ ਕਰਕੇ ਇੱਕੋ ਜਿਹੇ ਅੰਕ ਪ੍ਰਾਪਤ ਕੀਤੇ ਹਨ ਤਾਂ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਹੁਣ ਤੋਂ ਇੱਕੋ ਜਿਹੇ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇੱਕੋ ਰੈਂਕ ਦਿੱਤਾ ਜਾਵੇਗਾ ਅਤੇ ਸਨਮਾਨ ਜਾਂ ਇਨਾਮਾਂ ਵਿੱਚ ਵੀ ਕੋਈ ਅੰਤਰ ਨਹੀਂ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਹਰ ਵਿਦਿਆਰਥੀ ਦੀ ਮਿਹਨਤ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਉਪਲਬਧੀਆਂ ਪੰਜਾਬ ਦਾ ਮਾਣ ਹਨ।
ਸਿੱਖਿਆ ਮਾਹਿਰਾਂ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਨਵਾਂ ਨਿਯਮ ਸਿੱਖਿਆ ਪ੍ਰਣਾਲੀ ਵਿੱਚ ਬਰਾਬਰੀ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਨਿਆਂਪੂਰਨ ਮਾਨਤਾ ਯਕੀਨੀ ਬਣਾਵੇਗਾ।












