ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਦੀ ਬਜਾਏ, ਉਨ੍ਹਾਂ ਦੇ ਵਕੀਲ ਅਰਸ਼ਦੀਪ ਕਲੇਰ ਅਤੇ ਅਕਾਲੀ ਆਗੂ ਬੰਟੀ ਰੋਮਾਣਾ ਉਨ੍ਹਾਂ ਵੱਲੋਂ SIT ਦੇ ਸਾਹਮਣੇ ਪੇਸ਼ ਹੋਏ। ਰਿਪੋਰਟਾਂ ਅਨੁਸਾਰ, ਸੁਖਬੀਰ ਬਾਦਲ ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋ ਸਕੇ। ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਬੀਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਇਸ ਲਈ ਪੇਸ਼ ਨਹੀਂ ਹੋਏ ਕਿਉਂਕਿ ਉਨ੍ਹਾਂ ਨੂੰ ਭਾਜਪਾ ਵੱਲੋਂ ਸੁਨੇਹਾ ਮਿਲਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਦੋਵਾਂ ਪਾਰਟੀਆਂ ਵਿਚਕਾਰ ਕੋਈ ਸਮਝੌਤਾ ਹੋ ਰਿਹਾ ਹੈ ਅਤੇ ਭਾਜਪਾ ਨੇ ਖੁਦ ਸੁਖਬੀਰ ਨੂੰ ਪੇਸ਼ ਨਾ ਹੋਣ ਲਈ ਕਿਹਾ ਹੈ ।
ਦੂਜੇ ਪਾਸੇ, ਅਕਾਲੀ ਆਗੂ ਅਤੇ ਸੀਨੀਅਰ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਨੇੜਲੀਆਂ ਚੋਣਾਂ ਦੇ ਮੱਦੇਨਜ਼ਰ ਇੱਕ ਜਾਣਬੁੱਝ ਕੇ ਚੱਲੀ ਗਈ ਸਿਆਸੀ ਚਾਲ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ੀਠ ਵੱਲੋਂ ਪੁੱਛੇ ਜਾਣ ਵਾਲੇ ਸਵਾਲ ਪਹਿਲਾਂ ਲਿਖਤੀ ਰੂਪ ਵਿੱਚ ਦਿੱਤੇ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਸੁਖਬੀਰ ਬਾਦਲ 30 ਸਤੰਬਰ ਤੱਕ ਰੈਲੀਆਂ ਵਿੱਚ ਰੁੱਝੇ ਹੋਏ ਹਨ ਅਤੇ ਬੇਨਤੀ ਕੀਤੀ ਕਿ ਉਨ੍ਹਾਂ ਨੂੰ 30 ਸਤੰਬਰ ਤੋਂ ਬਾਅਦ ਦੀ ਕੋਈ ਤਾਰੀਖ ਦਿੱਤੀ ਜਾਵੇ।












