ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿੱਚ ਹੋਈ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ 28 ਅਕਤੂਬਰ ਨੂੰ ਸੁਣਵਾਈ ਕਰੇਗੀ। ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਨੇ ਇਸ ਮੰਗ ਦਾ ਵਿਰੋਧ ਕੀਤਾ ਹੈ।
ਸੁਪਰੀਮ ਕੋਰਟ ਵਿੱਚ ਕੇਂਦਰ ਵੱਲੋਂ ਵਧੀਕ ਸਾਲਿਸਟਰ ਜਨਰਲ ਕੇ.ਐੱਮ. ਨਟਰਾਜ ਨੇ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਰਾਜੋਆਣਾ ਦੀ ਮੰਗ ’ਤੇ ਇਤਰਾਜ਼ ਹੈ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਇਸ ਸਮੇਂ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਫੈਸਲਾ ਕਰਨਾ ਅਨੁਕੂਲ ਨਹੀਂ ਹੋਵੇਗਾ। ਕੇਂਦਰ ਦੇ ਵਿਰੋਧ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਮਾਮਲੇ ਨੂੰ ਹੁਣ ਗੁਣ-ਦੋਸ਼ ਦੇ ਆਧਾਰ ’ਤੇ ਸੁਣਿਆ ਜਾਵੇਗਾ।
ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਵਿੱਚ ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਸ਼ਾਮਲ ਹਨ। ਕੇਂਦਰ ਵੱਲੋਂ ਮਾਮਲੇ ਦੀ ਤਿਆਰੀ ਲਈ ਹੋਰ ਸਮਾਂ ਮੰਗੇ ਜਾਣ ਤੋਂ ਬਾਅਦ ਅਦਾਲਤ ਨੇ ਸੁਣਵਾਈ 28 ਅਕਤੂਬਰ ਲਈ ਤੈਅ ਕੀਤੀ ਹੈ।
ਰਾਜੋਆਣਾ ਦੀ ਦਲੀਲ ਮੁੱਖ ਤੌਰ ’ਤੇ ਇਸ ਗੱਲ ’ਤੇ ਆਧਾਰਿਤ ਹੈ ਕਿ ਉਸ ਦੀ ਰਹਿਮ ਦੀ ਅਪੀਲ ਸਾਲ 2012 ਤੋਂ ਲੰਬਿਤ ਹੈ ਅਤੇ ਇਸ ਲੰਬੇ ਇੰਤਜ਼ਾਰ ਦੇ ਆਧਾਰ ’ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ 2023 ਵਿੱਚ ਉਸ ਸਮੇਂ ਸਜ਼ਾ ਨੂੰ ਖੁਦ ਬਦਲਣ ਤੋਂ ਇਨਕਾਰ ਕੀਤਾ ਸੀ ਅਤੇ ਰਹਿਮ ਦੀ ਅਪੀਲ ’ਤੇ ਸਮਰੱਥ ਅਧਿਕਾਰੀ ਵੱਲੋਂ ਫੈਸਲਾ ਕਰਨ ਦੀ ਗੱਲ ਕਹੀ ਸੀ।
