Homeਪੰਜਾਬਲਾਲਜੀਤ ਭੁੱਲਰ ਕੇਸ 'ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਲਾਲਜੀਤ ਭੁੱਲਰ ਕੇਸ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਜੁੜੇ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਅਹਿਮ ਫੈਸਲਾ ਸਾਹਮਣੇ ਆਇਆ ਹੈ। ਅਦਾਲਤ ਨੇ ਸਾਬਕਾ ਮੰਤਰੀ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦੇ ਦਿੱਤੀ ਹੈ। ਦੂਜੇ ਪਾਸੇ, ਲਾਲਜੀਤ ਸਿੰਘ ਭੁੱਲਰ ਦੇ ਨਿੱਜੀ ਸਹਾਇਕ (PA) ਦਿਲਬਾਗ ਸਿੰਘ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਅਤੇ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ।

ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਚੰਦਰਸ਼ੇਖਰ ਦੀ ਬੈਂਚ ਨੇ ਸੁਖਦੇਵ ਸਿੰਘ ਭੁੱਲਰ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਸ਼ਰਤ ‘ਤੇ ਇਹ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਅਗਲੀ ਸੁਣਵਾਈ ਤੱਕ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 8 ਫਰਵਰੀ 2027 ਨੂੰ ਹੋਵੇਗੀ।

ਪਿਤਾ ਨੂੰ ਉਮਰ ਅਤੇ ਸਿਹਤ ਦੇ ਆਧਾਰ ‘ਤੇ ਮਿਲੀ ਰਾਹਤ

ਸੁਖਦੇਵ ਸਿੰਘ ਭੁੱਲਰ ਦੀ ਉਮਰ ਕਰੀਬ 77 ਸਾਲ ਦੱਸੀ ਗਈ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਉਹ ਕਈ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ। ਉਨ੍ਹਾਂ ਦੇ ਵਕੀਲ ਨੇ ਇਹ ਵੀ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਵੱਲੋਂ ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਗਿਆ ਸੀ, ਪਰ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਵਿਰੁੱਧ ਵੀਡੀਓ ਵਿੱਚ ਕੋਈ ਦੋਸ਼ ਨਹੀਂ ਲਗਾਇਆ ਗਿਆ।

ਸੁਪਰੀਮ ਕੋਰਟ ਨੇ ਇਨ੍ਹਾਂ ਦਲੀਲਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਤਰਿਮ ਸੁਰੱਖਿਆ ਦਿੱਤੀ ਹੈ। ਹਾਲਾਂਕਿ, ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨਾ ਹੋਵੇਗਾ।

PA ਦਿਲਬਾਗ ਸਿੰਘ ਨੂੰ ਨਹੀਂ ਮਿਲੀ ਰਾਹਤ

ਇਸੇ ਮਾਮਲੇ ਵਿੱਚ ਸਾਬਕਾ ਮੰਤਰੀ ਦੇ PA ਦਿਲਬਾਗ ਸਿੰਘ ਨੇ ਵੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਪਰ ਅਦਾਲਤ ਨੇ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ। ਇਸ ਕਾਰਨ ਉਸ ਨੂੰ ਫਿਲਹਾਲ ਜ਼ਮਾਨਤ ਨਹੀਂ ਮਿਲ ਸਕੀ। ਇਸ ਤਰ੍ਹਾਂ ਸੁਪਰੀਮ ਕੋਰਟ ਨੇ ਦੋਵਾਂ ਮੁਲਜ਼ਮਾਂ ਦੀਆਂ ਪਟੀਸ਼ਨਾਂ ‘ਤੇ ਵੱਖਰੇ ਫੈਸਲੇ ਸੁਣਾਏ ਹਨ।

ਮਾਰਚ ਵਿੱਚ ਗਗਨਦੀਪ ਰੰਧਾਵਾ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ ਸੀ ਵਿਵਾਦ

ਇਹ ਮਾਮਲਾ 21 ਮਾਰਚ ਦਾ ਹੈ, ਜਦੋਂ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 45 ਸਾਲਾ ਜ਼ਿਲ੍ਹਾ ਪ੍ਰਬੰਧਕ ਗਗਨਦੀਪ ਸਿੰਘ ਰੰਧਾਵਾ ਦੀ ਘਰ ਵਿੱਚ ਮੌਤ ਹੋ ਗਈ ਸੀ। ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਦੱਸਿਆ ਗਿਆ ਸੀ। ਮੌਤ ਤੋਂ ਪਹਿਲਾਂ ਉਨ੍ਹਾਂ ਵੱਲੋਂ ਬਣਾਈ ਗਈ 12 ਸਕਿੰਟ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਕਥਿਤ ਤੌਰ ‘ਤੇ ਤਤਕਾਲੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਗਿਆ ਸੀ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਸੀ। ਲਾਲਜੀਤ ਸਿੰਘ ਭੁੱਲਰ ਨੇ ਉਸੇ ਦਿਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

22 ਮਾਰਚ ਨੂੰ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਓਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਦਿਲਬਾਗ ਸਿੰਘ ਅਤੇ ਹੋਰਾਂ ਖ਼ਿਲਾਫ਼ FIR ਦਰਜ ਕੀਤੀ ਗਈ ਸੀ। ਮੁਲਜ਼ਮਾਂ ‘ਤੇ ਖ਼ੁਦਕੁਸ਼ੀ ਲਈ ਉਕਸਾਉਣ, ਅਪਰਾਧਿਕ ਧਮਕੀ ਦੇਣ ਅਤੇ ਸਾਂਝੀ ਮਨਸ਼ਾ ਨਾਲ ਕੰਮ ਕਰਨ ਵਰਗੇ ਦੋਸ਼ ਲਗਾਏ ਗਏ ਸਨ। ਬਾਅਦ ਵਿੱਚ ਸਬੂਤ ਨਸ਼ਟ ਕਰਨ ਨਾਲ ਸਬੰਧਤ ਧਾਰਾ ਵੀ ਜੋੜੀ ਗਈ ਸੀ।

ਪੀੜਤ ਪਰਿਵਾਰ ਅਗਲੀ ਸੁਣਵਾਈ ‘ਚ ਰੱਖੇਗਾ ਆਪਣਾ ਪੱਖ

ਪੀੜਤ ਪਰਿਵਾਰ ਦੇ ਕਾਨੂੰਨੀ ਸਲਾਹਕਾਰ ਅਤੇ ਮਨੁੱਖੀ ਅਧਿਕਾਰ ਕਾਰਕੁਨ ਸਰਬਜੀਤ ਸਿੰਘ ਵੇਰਕਾ ਮੁਤਾਬਕ, ਸੁਪਰੀਮ ਕੋਰਟ ਨੇ 17 ਨਵੰਬਰ ਦੇ ਹੁਕਮ ਰਾਹੀਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਰਾਜ ਸਰਕਾਰ ਵੱਲੋਂ ਨੋਟਿਸ ਸਵੀਕਾਰ ਕਰ ਲਿਆ ਗਿਆ ਹੈ ਅਤੇ ਅਗਲੀ ਸੁਣਵਾਈ ਤੋਂ ਪਹਿਲਾਂ ਜਵਾਬੀ ਹਲਫ਼ਨਾਮਾ ਦਾਇਰ ਕਰਨ ਦੀ ਗੱਲ ਕਹੀ ਗਈ ਹੈ।

ਉੱਧਰ, ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਓਪਿੰਦਰ ਕੌਰ ਨੇ ਕਿਹਾ ਹੈ ਕਿ ਪਰਿਵਾਰ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਵੱਲੋਂ ਅਗਾਊਂ ਜ਼ਮਾਨਤ ਲੈਣ ਲਈ ਅਦਾਲਤ ਸਾਹਮਣੇ ਤੱਥ ਛੁਪਾਏ ਗਏ ਅਤੇ ਗਵਾਹਾਂ ਨੂੰ ਧਮਕਾਉਣ ਤੇ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰਿਵਾਰ ਨੇ ਕਿਹਾ ਹੈ ਕਿ ਉਹ ਅਗਲੀ ਸੁਣਵਾਈ ਵਿੱਚ ਆਪਣਾ ਪੱਖ ਰੱਖੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments