ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਤਰਸਿੱਕਾ ਦੀ ਪੁਲਿਸ ਨੇ ਇੱਕੋ ਪਿੰਡ ਨਾਲ ਸਬੰਧਤ ਛੇ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਹੈਰੋਇਨ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਪਿੰਡ ਡੇਰੀਵਾਲ ਵਿੱਚ ਕਥਿਤ ਤੌਰ ’ਤੇ ਨਸ਼ੇ ਦਾ ਕਾਰੋਬਾਰ ਕਰਦੇ ਸਨ।
ਪੁਲਿਸ ਅਧਿਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨੌਜਵਾਨ ਕਾਫ਼ੀ ਸਮੇਂ ਤੋਂ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਨਸ਼ਾ ਵੇਚਣ ਵਿੱਚ ਸ਼ਾਮਲ ਸਨ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅੱਗੇ ਹੋਰ ਕਾਰਵਾਈ ਕੀਤੀ ਜਾ ਸਕਦੀ ਹੈ।
