ਰਾਜਪੁਰਾ: ਰਾਜਪੁਰਾ ਦੇ ਨੇੜਲੇ ਪਿੰਡ ਪਤਾਰਸੀਕਲਾਂ ਨੇੜੇ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਇਕ ਬਸ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਸੜਕ ਹਾਦਸਾ ਵਾਪਰਿਆ ਹੈ ਤੇ ਇਸ ਸੜਕ ਹਾਦਸੇ ਦੌਰਾਨ ਬਸ ਡਰਾਈਵਰ ਦੀ ਮੌਤ ਹੋ ਗਈ ਹੈ ਤੇ ਸਵਾਰੀਆਂ ਜਖਮੀ ਹੋ ਗਈਆਂ ਹਨ ਇਹ ਬਸ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੀ ਸੀ ।
ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵੋਲਵੋ ਬੱਸ ਟਰੱਕ ਨਾਲ ਟਕਰਾ ਗਈ । ਬਸ ਵਿਚ ਸਵਾਰ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ । ਛੇ ਲੋਕਾਂ ਨੂੰ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਜਦਕਿ ਕਈਆਂ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਇਲਾਜ ਚੱਲ ਰਿਹਾ ਹੈ ।
ਉਪਰੋਕਤ ਵਾਪਰੇ ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰੇ ਬਸ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ ਲਗਭਗ 42 ਸ਼ਰਧਾਲੂ ਸਵਾਰ ਸਨ ਜੋ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ ।
ਡੀ. ਐਸ. ਪੀ., ਸਟੇਸ਼ਨ ਇੰਚਾਰਜ ਅਤੇ ਮੂਲੇਪੁਰ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਚਾਇਆ । ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਫ਼ਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਪਹੁੰਚਾਇਆ ਗਿਆ । ਪੁਲਿਸ ਅਧਿਕਾਰੀਆਂ ਦੇ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸੇ ਦਾ ਕਾਰਨ ਬੱਸ ਦੀ ਤੇਜ਼ ਰਫ਼ਤਾਰ ਸੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ । ਪੁਲਿਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।












